ਨੌਜਵਾਨਾਂ ਨੂੰ ਹੁਨਰਮੰਦ ਬਣ ਕੇ ਸਵੈ-ਰੁਜ਼ਗਾਰ ਅਪਣਾਉਣ ਅਤੇ ਰੁਜ਼ਗਾਰ ਦਫ਼ਤਰ ਵਿਖੇ ਰਜਿਸਟ੍ਰੇਸ਼ਨ ਕਰਵਾਉਣ ਲਈ ਕੀਤਾ ਪ੍ਰੇਰਿਤ
ਫ਼ਰੀਦਕੋਟ, 28 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵੱਲੋਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਲਾਲੇਆਣਾ ਰੋਡ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ, ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਹਾਜ਼ਰ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਉਸਾਰੂ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ।
ਕੈਂਪ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਵੱਖ-ਵੱਖ ਹੁਨਰ ਵਿਕਾਸ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਹੁਨਰ ਸਿੱਖਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਗਿਆ ਕਿ ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਕੇ ਨੌਜਵਾਨ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ ਅਤੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਤੋਂ ਪਲੇਸਮੈਂਟ ਅਫ਼ਸਰ ਸ੍ਰੀਮਤੀ ਨੀਤੂ ਰਾਣੀ, ਬਲਾਕ ਮਿਸ਼ਨ ਮੈਨੇਜਰ (ਪੀ.ਐੱਸ.ਡੀ.ਐੱਮ.) ਸ੍ਰੀ ਵਿਜੈ ਅਤੇ ਸ੍ਰੀ ਵਿੱਕੀ ਵੱਲੋਂ ਹਾਜ਼ਰ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਅਤੇ ਹੁਨਰ ਵਿਕਾਸ ਦੇ ਮੌਕਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਨੌਜਵਾਨਾਂ ਨੂੰ ਆਪਣਾ ਨਾਮ ਦਰਜ ਕਰਵਾਉਣ ਅਤੇ ਰੁਜ਼ਗਾਰ ਸਬੰਧੀ ਸੇਵਾਵਾਂ ਦਾ ਲਾਭ ਲੈਣ ਲਈ ਕਿਸੇ ਵੀ ਕੰਮਕਾਜ ਵਾਲੇ ਦਿਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਪੁਰਾਣਾ ਗ੍ਰੈਂਡ ਵਿਲਾ ਪੈਲੇਸ (ਪੁਰਾਣਾ ਸੰਧੂ ਪੈਲੇਸ), ਰੈੱਡ ਕਰਾਸ ਬਿਰਧ ਆਸ਼ਰਮ ਦੀ ਪਹਿਲੀ ਮੰਜ਼ਿਲ, ਫ਼ਰੀਦਕੋਟ ਵਿਖੇ ਪਹੁੰਚਣ ਲਈ ਕਿਹਾ ਗਿਆ। ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਰੁਜ਼ਗਾਰ ਪੋਰਟਲ www.pgrkam.com ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।

