ਜ਼ਿਲ੍ਹਾ ਫਰੀਦਕੋਟ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ : ਜ਼ਿਲ੍ਹਾ ਚੋਣ ਅਫ਼ਸਰ
ਉਮੀਦਵਾਰ 7 ਮਈ ਤੋਂ 14 ਮਈ ਤੱਕ ਦਾਖਲ ਕਰ ਸਕਦੇ ਹਨ ਨਾਮਜ਼ਦਗੀ
ਫਰੀਦਕੋਟ , 18 ਮਾਰਚ (ਵਰਲਡ ਪੰਜਾਬੀ ਟਾਈਮਜ਼)
ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜਿਲ੍ਹਾ ਫਰੀਦਕੋਟ ਵਿੱਚ ਵੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਵਾਸਤੇ ਜ਼ਿਲ੍ਹੇ ’ਚ 3 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ 7 ਮਈ ਤੋਂ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ ਨੂੰ ਹੋਵੇਗਾ ਅਤੇ ਗਿਣਤੀ 4 ਜੂਨ ਨੂੰ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵੱਖ-ਵੱਖ ਸਿਆਸੀ ਪ੍ਰਚਾਰ ਲਈ ਲਾਏ ਹੋਰਡਿੰਗ, ਬੈਨਰ, ਪੋਸਟਰ ਆਦਿ ਤੁਰਤ ਹਟਾਏ ਜਾਣ ਦੀ ਕਵਾਇਦ ਸ਼ਰੂ ਕਰ ਦਿੱਤੀ ਗਈ ਹੈ। ਇਸ ਲਈ ਨੋਡਲ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਨੂੰ ਤੁਰਤ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜਿਲ੍ਹਾ ਫਰੀਦਕੋਟ ’ਚ ਕੁੱਲ 485749 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ’ਚ 255118 ਮਰਦ ਅਤੇ 230608 ਔਰਤ ਵੋਟਰ ਸ਼ਾਮਿਲ ਹਨ। ਸਰਵਿਸ ਵੋਟਰਾਂ ਦੀ ਗਿਣਤੀ 1926 ਅਤੇ ਤੀਜੇ ਲਿੰਗ ਵਾਲੇ 23 ਵੋਟਰ ਹਨ। ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ‘ਪੇਡ ਨਿਊਜ਼’ ਅਤੇ ਹੋਰ ਆਨਲਾਈਨ ਇਸ਼ਤਿਹਾਰਾਂ ’ਤੇ ਨਜ਼ਰ ਰੱਖਣ ਵਾਸਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫ਼ਿਕੇਸ਼ਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
Leave a Comment
Your email address will not be published. Required fields are marked with *