ਖੇਤ ’ਚੋਂ ਝੋਨੇ ਦੀ ਪਰਾਲੀ ਨੂੰ ਹਟਾਏ ਬਗੈਰ ਸਰੈਡਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਕੇ ਪ੍ਰਦਰਸ਼ਿਤ ਕੀਤਾ
ਮੁੱਖ ਖੇਤੀਬਾੜੀ ਅਫਸਰ ਵਲੋਂ ਡੀ.ਏ.ਪੀ. ਦੇ ਬਦਲ ਵਜੋਂ ਬਦਲਵੀਆਂ ਖਾਦਾਂ ਵਰਤਨ ਦੀ ਅਪੀਲ
ਫਰੀਦਕੋਟ, 9 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸੁੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾ ਕੇ ਸਾੜਣ ਜਾਂ ਹਟਾਉਣ ਦੀ ਬਜਾਏ, ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਨਾਲ ਖੇਤੀ ਲਾਗਤ ਖਰਚੇ ਘਟਦੇ ਹਨ। ਅਜਿਹਾ ਕਰਨ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਹੋਣ ਤੋਂ ਬਚਦਾ ਹੈ ਉਥੇ ਮਿੱਟੀ ਵਿੱਚ ਜੈਵਿਕ ਮਾਦਾ ਵਧਣ ਕਾਰਨ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਪਿੰਡ ਦਲ ਸਿੰਘ ਵਿਚ ਖੇਤੀ ਵਿਰਾਸਤ ਮਿਸਨ ਵੱਲੋਂ ਸਰੈਡਰ ਸੀਡਰ ਦੀ ਵਰਤੋਂ ਨਾਲ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਨੂੰ ਪ੍ਰਦਰਸਤ ਕਰਨ ਸਮੇਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਇਸ ਮਸੀਨ ਦੇ ਨਿਰਮਾਤਾ ਗੁਰਤੇਜ ਸਿੰਘ, ਖੇਤੀ ਵਿਰਾਸਤ ਮਿਸਨ ਦੇ ਡਾਇਰੈਕਟਰ ਉਮੇਂਦਰ ਦੱਤ, ਗੋਰਾ ਸਿੰਘ ਬਰਾੜ ਅਤੇ ਹੋਰ ਕਿਸਾਨ ਹਾਜਰ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦਾ ਅਮਰੀਕ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲਾ ਫਰੀਦਕੋਟ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵੱਡੇ ਪੱਧਰ ਤੇ ਮੁਹਿੰਮ ਚਲੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਹਰ ਉਸ ਸੰਸਥਾ ਦਾ ਧੰਨਵਾਦ ਕਰਨਾ ਬਣਦਾ ਜੋਂ ਇਸ ਕੰਮ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਹੀ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਵਿੱਚ ਖੇਤੀ ਵਿਰਾਸਤ ਮਿਸਨ ਵੀ ਆਪਣਾ ਯੋਗਦਾਨ ਪਾ ਰਿਹਾ ਹੈ। ਉਨਾਂ ਦੱਸਿਆ ਕਿ ਮਲਚਿੰਗ ਤਕਨੀਕ ਅਜਿਹੀ ਤਕਨੀਕ ਹੈ ਜਿਸ ਨਾਲ ਖੇਤ ’ਚੋਂ ਝੋਨੇ ਦੀ ਪਰਾਲੀ ਨੂੰ ਹਟਾਏ ਬਗੈਰ ਕਣਕ ਬੀਜਣ ਦੀ ਅਜਿਹੀ ਵਿਧੀ ਹੈ ਜਿਸ ਨਾਲ ਸਮੇਂ ਸਿਰ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਹ ਇੱਕ ਕਣਕ ਦੀ ਬਿਜਾਈ ਦੀ ਸਸਤੀ ਅਤੇ ਬਿਹਤਰ ਤਕਨੀਕ ਹੈ। ਇਸ ਲਈ ਜਿਆਦਾ ਮਹਿੰਗੀਆਂ ਅਤੇ ਭਾਰੀਆਂ ਮਸ਼ੀਨਾਂ ਦੀ ਲੋੜ ਨਹੀਂ ਪੈਂਦੀ ਅਤੇ ਬਿਜਾਈ ਉਪਰੰਤ ਖੇਤ ਵਿੱਚ ਫਸਲੀ ਰਹਿੰਦ ਖੂੰਹਦ ਪਈ ਹੋਣ ਕਰਕੇ ਨਦੀਨ ਵੀ ਬਹੁਤ ਘੱਟ ਉੱਗਦੇ ਹਨ। ਉਨਾਂ ਦੱਸਿਆ ਕਿ ਇਸ ਤਕਨੀਕ ਵਿੱਚ ਸੁਪਰ ਐਸ ਐਮ ਐਸ ਲੱਗੀ ਕੰਬਾਈਨ ਨਾਲ ਝੋਨੇ ਦੀ ਕਟਾਈ ਉਪਰੰਤ ਸਰੈਡਰ ਸੀਡਰ ਨਾਮਕ ਮਸੀਨ ਨਾਲ 40 ਕਣਕ ਦਾ ਬੀਜ ਅਤੇ ਡਾਇਆ ਖਾਦ ਖੇਤ ਵਿਚ ਕੇਰ ਦਿੰਦੀ ਹੈ। ਉਨਾਂ ਦੱਸਿਆ ਕਿ ਜੇਕਰ ਖੇਤ ਵਿੱਚ ਵੱਤਰ ਜ਼ਿਆਦਾ ਹੈ ਤਾਂ ਪਾਣੀ ਲਗਾਉਣ ਦੀ ਜ਼ਰੂਰਤ ਨਹੀਂ, ਕਿਉਂਕਿ ਰਾਤ ਨੂੰ ਤਰੇਲ ਪੈਣ ਨਾਲ ਬੀਜ ਉੱਪਰ ਪਈ ਪਰਾਲੀ ਵਿੱਚ ਕਾਫੀ ਨਮੀ ਹੋ ਜਾਂਦੀ ਹੈ ਜੋ ਬੀਜ ਨੂੰ ਉੱਗਣ ਵਿੱਚ ਸਹਾਈ ਹੁੰਦੀ ਹੈ ਅਤੇ ਜੇਕਰ ਵੱਤਰ ਨਹੀਂ ਤਾਂ ਕਣਕ ਦੀ ਬਿਜਾਈ ਕਰਨ ਉਪਰੰਤ ਪਾਣੀ ਲਗਾ ਦਿੱਤਾ ਜਾਂਦਾ ਹੈ ,ਇਸ ਨਾਲ ਕਣਕ ਦੀ ਬਿਜਾਈ ਸਮੇਂ ਸਿਰ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਇਹ ਵੀ ਦੱਸਿਆ ਕਿ ਕਣਕ ਦੀ ਫਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟਿ੍ਰਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਮੌਕੇ ਖੇਤੀ ਵਿਰਾਸਤ ਮਿਸਨ ਦੇ ਡਾਇਰੈਕਟਰ ਉਮੇਂਦਰ ਦੱਤ ਨੇ ਦੱਸਿਆ ਕਿ ਇਸ ਵਾਰ ਤਕਰੀਬਨ 500 ਏਕੜ ਰਕਬੇ ਵਿੱਚ ਇਸ ਵਿਧੀ ਨਾਲ ਕਣਕ ਦੀ ਬਿਜਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਵੱਡੀ ਗਿਣਤੀ ਵਿਚ ਕਿਸਾਨ ਇਸ ਮਸੀਨ ਦੀ ਮੰਗ ਕਰ ਰਹੇ ਹਨ। ਉਨਾਂ ਕਿਹਾ ਕਿ ਇਹ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਦਾ ਸੌਖਾ ਅਤੇ ਸਸਤਾ ਤਰੀਕਾ ਹੈ ਜਿਸ ਨਾਲ ਝੋਨੇ ਦੀ ਕਟਾਈ ਤੋਂ ਅਗਲੇ ਹੀ ਦਿਨ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਸ੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਇਹ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚੱਲ ਸਕਦੀ ਹੈ। ਉਹਨਾਂ ਕਿਹਾ ਕਿ ਇਸ ਮਸ਼ੀਨ ਨਾਲ 700-800 ਰੁਪਏ ਵਿੱਚ ਇੱਕ ਏਕੜ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਤਕਨੀਕ ਨਾਲ 14-16 ਏਕੜ ਇੱਕ ਦਿਨ ਵਿੱਚ ਬੀਜੇ ਜਾ ਸਕਦੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੇ ਇਸ ਮਸੀਨ ਨਾਲ ਕਣਕ ਦੀ ਬਿਜਾਈ ਕਰਨੀ ਹੋਵੇ ਤਾਂ ਗੋਰਾ ਸਿੰਘ ਨਾਲ 9465305321 ਤੇ ਸੰਪਰਕ ਕਰ ਸਕਦਾ ਹੈ।