ਜੈਤੋ/ਕੋਟਕਪੂਰਾ, 4 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਅਦਾਰਿਆਂ ’ਚ ਕਿਸੇ ਤਰ੍ਹਾਂ ਦਾ ਵੀ ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਵੀ ਸਰਕਾਰੀ ਅਦਾਰਿਆਂ ’ਚ ਤੰਗੀ ਪ੍ਰੇਸਾਨੀ ਆਉਂਦੀ ਹੈ ਤਾਂ ਉਸ ’ਤੇ ਵਿਸੇਸ ਗੌਰ ਕਰਦਿਆਂ ਪਹਿਲ ਦੇ ਆਧਾਰ ’ਤੇ ਸੁਣਵਾਈ ਕੀਤੀ ਜਾਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਅਮੋਲਕ ਸਿੰਘ ਨੇ ਆਪਣੇ ਸਥਾਨਕ ਜੈਤੋ-ਬਠਿੰਡਾ ਰੋਡ ਉੱਪਰ ਸਥਿੱਤ ਮੁੱਖ ਦਫ਼ਤਰ ਵਿਖੇ ਬੀਤੇ ਦਿਨੀਂ ਲੋਕ ਮਿਲਣੀ ਦੌਰਾਨ ਜੈਤੋ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਦਾ ਲੋਕਾਂ ਨਾਲ ਵਾਅਦਾ ਕੀਤਾ ਹੈ, ਇਸ ਦੇ ਨਾਲ-ਨਾਲ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਨੂੰ ਪੂਰਾ ਕਰਨ ਦਾ ਵੀ ਵਾਅਦਾ ਕੀਤਾ ਸੀ, ਉਸ ਲੜੀ ਤਹਿਤ ਸਰਕਾਰ ਦੇ ਅੱਜ ਸੱਤਾ ’ਚ ਆਉਂਦਿਆਂ ਦੋ ਸਾਲ ਹੋ ਗਏ ਹਨ ਅਤੇ ਰੋਜ਼ਾਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਹਿਤ ਲਈ ਇਤਿਹਾਸਕ ਫ਼ੈਸਲਿਆਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਭਲਾਈ ਦੇ ਫ਼ੈਸਲਿਆਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਸ ਮੌਕੇ ਉਹਨਾਂ ਦਰਜਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦੇ ਕੇ ਹੱਲ ਵੀ ਕਰਵਾਈਆਂ। ਉਹਨਾਂ ਕਿਹਾ ਕਿ ਉਹ ਲੋਕਾਂ ਦੇ ਵਿਧਾਇਕ ਦੇ ਨਾਲ-ਨਾਲ ਸੇਵਾਦਾਰ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਜਨਤਾ ਵਿਚ ਰਹਿ ਕੇ ਹਲਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਦੇ ਰਹਿਣਗੇ।