ਜੈਤੋ, 23 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਹਲਕਾ ਵਿਧਾਇਕ ਅਮੋਲਕ ਸਿੰਘ ਵੱਲੋਂ ਆਪਣੇ ਸਥਾਨਕ ਜੈਤੋ-ਬਠਿੰਡਾ ਰੋਡ ਉੱਪਰ ਸਥਿੱਤ ਮੁੱਖ ਦਫ਼ਤਰ ਵਿਖੇ ਹਲਕੇ ਦੇ ਵੱਖ-ਵੱਖ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਮੁਸ਼ਕਿਲਾਂ ਦਾ ਨਿਪਟਾਰਾ ਅਫ਼ਸਰਾਂ ਨੂੰ ਕਹਿ ਕੇ ਮੌਕੇ ਉੱਪਰ ਹੀ ਕਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੇਰਾ ਜੈਤੋ ਹਲਕਾ ਮੇਰੇ ਵਾਸਤੇ ਮੇਰਾ ਪਰਿਵਾਰ ਹੈ। ਇੱਥੋਂ ਦੇ ਵਸਨੀਕ ਮੇਰੇ ਪਰਿਵਾਰਕ ਮੈਂਬਰਾਂ ਵਾਂਗ ਹੀ ਹਨ। ਇਸ ਲਈ ਇਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਵਾਉਣਾ ਮੇਰਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਉਂਦੇ ਹਨ ਤਾਂ ਜੋ ਹਲਕੇ ਦਾ ਹਰੇਕ ਵਿਅਕਤੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖੁਸ਼ਹਾਲ ਜੀਵਨ ਬਤੀਤ ਕਰ ਸਕੇ। ਉਹਨਾਂ ਕਿਹਾ ਕਿ ਪਿੰਡਾਂ ਤੇ ਸ਼ਹਿਰ ’ਚ ਰੁਕੇ ਹੋਏ ਵਿਕਾਸ ਦੇ ਕੰਮ ਛੇਤੀ ਹੀ ਪੂਰੇ ਕਰਵਾਏ ਜਾਣਗੇ ਅਤੇ ਖੇਡਾਂ ਨੂੰ ਪ੍ਰਫ਼ੁੱਲਤ ਕਰਨ ਲਈ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਅਹਿਮ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਿਰੋਧੀ ਪਾਰਟੀਆਂ ਦੇ ਲੀਡਰ ਸਿਰਫ਼ ਸੱਤਾ ਦਾ ਸੁੱਖ ਭੋਗਣ ਲਈ ਸਿਆਸਤ ਵਿੱਚ ਆਉਂਦੇ ਸਨ ਪਰ ਉਹ ਹਲਕੇ ਦੀ ਕਿਸਮਤ ਬਦਲਣ ਅਤੇ ਲੋਕਾਂ ਦੀ ਸੇਵਾ ਕਰਨ ਲਈ ਸਿਆਸਤ ’ਚ ਆਏ ਹਨ। ਇਸ ਮੌਕੇ ਵਿਧਾਇਕ ਅਮੋਲਕ ਸਿੰਘ ਨੇ ਵੱਖ-ਵੱਖ ਮਹਿਕਮਿਆਂ ਦੇ ਅਫ਼ਸਰਾਂ, ਮੁਲਾਜ਼ਮਾਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੇ ਦਫ਼ਤਰਾਂ ’ਚ ਪਹੁੰਚ ਕੇ ਲੋਕਾਂ ਦੇ ਕੰਮ ਬਿਨਾਂ ਸਿਫ਼ਾਰਸ਼, ਰਿਸ਼ਵਤਖੋਰੀ ਅਤੇ ਖੱਜਲ-ਖੁਆਰੀ ਦੇ ਕਰਨ।