ਕੋਟਕਪੂਰਾ, 29 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਸ਼ਹਿਰ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਬਾਜੀਗਰ ਬਸਤੀ ਦੀ ਸੜਕ ਬਣਾਉਣ ਦੀ ਮੰਗ ਸੀ। ਜਿਸ ਨੂੰ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਅੱਜ ਬਾਜੀਗਰ ਬਸਤੀ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਦੀ ਭਲਾਈ ਅਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫਰੀਦਕੋਟ ਦੀ ਇੱਕ ਅਹਿਮ ਸੜਕ ਹੈ, ਜਿਹੜੀ ਫਰੀਦਕੋਟ ਸ਼ਹਿਰ ਨੂੰ ਸਾਦਿਕ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ’ਤੇ 37.43 ਲੱਖ ਦੀ ਲਾਗਤ ਆਵੇਗੀ। ਵਿਧਾਇਕ ਸੇਖੋਂ ਨੇ ਕਿਹਾ ਕਿ ਸੜਕ ਨਿਰਮਾਣ ਕਾਰਜ ’ਚ ਕਿਸੇ ਤਰ੍ਹਾਂ ਦੀ ਕੁਤਾਹੀ ਤੇ ਕੁਆਲਟੀ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਜਿਹੜੇ ਵੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਭਾਵੇਂ ਉਹ ਸੀਵਰੇਜ ਦਾ ਪ੍ਰੋਜੈਕਟ ਹੋਵੇ ਚਾਹੇ ਕੋਈ ਹੋਰ, ਉਹ ਸਾਰੇ ਕੰਮ ਪੂਰੇ ਕੀਤੇ ਜਾ ਰਹੇ ਹਨ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਪਿਛਲੀਆਂ ਸਰਕਾਰਾਂ ਵਲੋਂ ਅਧੂਰੇ ਛੱਡੇ ਕਾਰਜਾਂ ਨੂੰ ਵੀ ਪੂਰਾ ਕਰਨ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ’ਚ ਕੋਈ ਕਮੀ ਨਹੀਂ ਰਹਿਣ ਜਾਵੇਗੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਕੈਪਟਨ ਧਰਮ ਸਿੰਘ ਗਿੱਲ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਵੀ ਹਾਜਰ ਸਨ।