ਯਾਤਰੀ ਕਰਨਗੇ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ
ਫਰੀਦਕੋਟ, 20 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ “ਆਪ” ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਵਿਧਾਇਕ ਗੁਰਦਿੱਤ ਸਿੰਘ ਸ਼ੇਖੋਂ ਨੇ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਅਤੇ ਵੱਖ-ਵੱਖ ਤੀਰਥ ਸਥਾਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਇਹ ਦੇਸ਼ ਰਿਸ਼ੀਆਂ-ਮੁਨੀਆਂ, ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੈ। ਇਸ ਦੇਸ਼ ਵਿਚ ਉਨ੍ਹਾਂ ਦੇ ਉਪਦੇਸ਼ਾਂ ਤੇ ਸਿੱਖਿਆ ਨੂੰ ਘਰ-ਘਰ ਪਹੁੰਚਾਉਣ ਖਾਤਰ ਇਹ ਯਾਤਰਾ ਕਰਵਾਈ ਜਾ ਰਹੀ ਹੈ। ਇਸ ਯਾਤਰਾ ਵਿਚ ਸਾਰੇ ਧਰਮਾਂ ਦੇ ਉਹ ਲੋਕ ਜੋ ਆਪਣੇ ਧਾਰਮਿਕ ਸਥਾਨਾਂ ‘ਤੇ ਜਾਣਾ ਚਾਹੁੰਦੇ ਹਨ, ਉਹ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦਾ ਲਾਭ ਲੈ ਕੇ ਵੱਖ-ਵੱਖ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਇਹ ਜਥਾ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਰੀਦਕੋਟ ਤੋਂ ਅੰਮ੍ਰਿਤਸਰ ਜਾਵੇਗਾ ਅਤੇ ਕੱਲ ਅਨੰਦਪੁਰ ਸਾਹਿਬ ਜਾਵੇਗਾ ਅਤੇ ਉੱਥੇ ਹੀ ਰੁਕੇਗਾ। ਇਸ ਬੱਸ ਦੇ ਸ਼ਰਧਾਲੂ ਅਨੰਦਪੁਰ ਸਾਹਿਬ ਦੇ ਆਸ-ਪਾਸ ਦੇ ਧਾਰਮਿਕ ਸਥਾਨਾਂ ‘ਤੇ ਵੀ ਜਾ ਸਕਣਗੇ ਅਤੇ ਅਗਲੇ ਦਿਨ ਫਰੀਦਕੋਟ ਲਈ ਵਾਪਸੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਇਨ੍ਹਾਂ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ- ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਪਹਿਲਾਂ ਵੀ ਕੋਟਕਪੂਰਾ ਤੋਂ ਸ਼ਰਧਾਲੂਆਂ ਲਈ ਯਾਤਰਾ ਕਰਨ ਲਈ ਬੱਸ ਰਵਾਨਾ ਕੀਤੀ ਗਈ ਹੈ। ਇਸ ਸਕੀਮ ਤਹਿਤ ਹੋਰ ਵੀ ਬੱਸਾਂ ਅਲੱਗ-ਅਲੱਗ ਥਾਵਾਂ ਤੇ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਯਾਤਰਾ ਕਰਨ ਲਈ ਟ੍ਰੇਨ ਰਾਹੀਂ ਵੀ ਸ਼ਰਧਾਲੂ ਜਾ ਸਕਦੇ ਹਨ। ਪੰਜਾਬ ਸਰਕਾਰ ਦੀ ਇਸ ਮੁਹਿੰਮ ਤਹਿਤ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਵੀ ਦਿੱਕਤ ਨਹੀਂ ਆਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਰਭਿੰਦਰ ਸਿੰਘ ਗਰੇਵਾਲ, ਚੇਅਰਮੈਨ ਮੰਡੀ ਬੋਰਡ ਅਮਨਦੀਪ ਸਿੰਘ ਬਾਬਾ, ਪ੍ਰਸਾਸ਼ਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਵੀ ਹਾਜ਼ਰ ਸਨ।