ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ
ਫ਼ਰੀਦਕੋਟ 8 ਜਨਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸ. ਸੇਖੋਂ ਨੇ ਸ੍ਰੀ ਆਨੰਦਪੁਰ ਸਾਹਿਬ, ਚਿੰਤਪੁਰਨੀ ਅਤੇ ਨੈਨਾ ਦੇਵੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਦੀ ਰਾਜ ਭਰ ਵਿੱਚ ਲੋਕਾਂ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ ਅਤੇ ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ ਰਹਿਣਗੀਆਂ। ਉਨ੍ਹਾਂ ਯਾਤਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੁਢਾਪੇ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਇਸ ਮੌਕੇ ਸ.ਕਮਲਜੀਤ ਸਿੰਘ, ਮਾਸਟਰ ਗੁਰਜੰਟ ਸਿੰਘ, ਰਵੀ ਬੁਗਰਾ, ਬਬਲੂ ਸ਼ਰਮਾ ਅਤੇ ਵਿਪਿਨ ਲਾਂਬਾ ਹਾਜ਼ਰ ਸਨ।
Leave a Comment
Your email address will not be published. Required fields are marked with *