– ਫਾਰਮ 12 ਡੀ ਭਰ ਕੇ ਦੇਣ ਵਾਲੇ ਨਹੀਂ ਪਾ ਸਕਣਗੇ, ਪੋਲਿੰਗ ਸਟੇਸ਼ਨ ਤੇ ਵੋਟ- ਜ਼ਿਲ੍ਹਾ ਚੋਣ ਅਫ਼ਸਰ
ਫਰੀਦਕੋਟ 29 ਮਾਰਚ, (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ਤੇ ਨਾਲ ਲਿਜਾ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤਾਂ ਲਈ ਜਾਰੀ ਕੀਤੇ ਗਈ ਵੋਟਰ ਸਲਿੱਪ ਨੂੰ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ਤੇ ਪੇਸ਼ ਨਹੀਂ ਕੀਤਾ ਜਾ ਸਕਦਾ ਹੈ
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਹਿਚਾਣ ਵਜੋਂ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਨੁਸਾਰ ਜਿੰਨਾਂ ਵੋਟਰਾਂ ਪਾਸ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦਿਵਿਆਗ ਵੋਟਰ ਅਤੇ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਸਹੂਲਤ ਲਈ ਬੀ.ਐਲ.ਓਜ਼ ਦੇ ਸਹਿਯੋਗ ਨਾਲ ਘਰ ਵਿੱਚ ਰਹਿ ਕੇ ਵੋਟ ਪਾਉਣ ਸਬੰਧੀ ਫਾਰਮ ਨੰਬਰ 12 ਡੀ ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ । ਉਨ੍ਹਾਂ ਹੋਰ ਸਪੱਸ਼ਟ ਕੀਤਾ ਕਿ ਜੇ ਪੀ.ਡਬਲਿਊ.ਡੀ (ਦਿਵਿਆਂਗ ਵੋਟਰ) ਜਾਂ 85 ਸਾਲ ਤੋਂ ਵੱਧ ਉਮਰ ਵਾਲਾ ਵੋਟਰ ਫਾਰਮ ਨੰ. 12 ਡੀ ਭਰ ਕੇ ਦੇਵੇਗਾ, ਉਹ 01 ਜੂਨ 2024 ਨੂੰ ਪੋਲਿੰਗ ਸਟੇਸ਼ਨ ਤੇ ਵੋਟ ਨਹੀਂ ਪਾ ਸਕਣਗੇ।
Leave a Comment
Your email address will not be published. Required fields are marked with *