ਕੋਟਕਪੂਰਾ, 11 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਕਰਾਰ ਦਿੱਤਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ ਦੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਘੋਰ ਅਣਦੇਖੀ ਵਜੋਂ ਦੇਖਿਆ ਜਾ ਰਿਹਾ ਹੈ, ਜੋ ਕਿ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਰਿਹਾ ਹੈ। ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਰੀ-ਡੈਜਿਗਨੇਸ਼ਨ ਨਾ ਸਿਰਫ਼ ਪ੍ਰਸ਼ਾਸਨਿਕ ਗੜਬੜ ਹੈ, ਸਗੋਂ ਚੰਡੀਗੜ੍ਹ ‘ਤੇ ਪੰਜਾਬ ਦੇ ਜਾਇਜ਼ ਦਾਅਵਿਆਂ/ਹੱਕਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵੀ ਹੈ। ਉਹਨਾਂ ਅੱਗੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ। ਇਸ ਘਟਨਾਕ੍ਰਮ ਨੇ ਪੰਜਾਬ ਦੇ ਆਗੂਆਂ ਅਤੇ ਨਾਗਰਿਕਾਂ ਵਿਚ ਵੱਡੀ ਬੇਚੈਨੀ ਪੈਦਾ ਕਰ ਦਿੱਤੀ ਹੈ ਅਤੇ ਹਰ ਕੋਈ ਇਸਨੂੰ ਪੰਜਾਬ ਦੇ ਚੰਡੀਗੜ੍ਹ ‘ਤੇ ਅਧਿਕਾਰਾਂ ਨੂੰ ਜਾਣਬੁੱਝ ਕੇ ਢਾਹ ਲਾਉਣ ਦੀ ਕੋਸ਼ਿਸ਼ ਵਜੋਂ ਦੇਖ ਰਿਹਾ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਚੰਡੀਗੜ੍ਹ ਸੂਬੇ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦੇ ਪ੍ਰਸ਼ਾਸਨ ਬਾਰੇ ਕੋਈ ਵੀ ਫੈਸਲਾ ਸੂਬਾ ਸਰਕਾਰ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਜਾਣਾ ਚਾਹੀਦਾ ਹੈ।
Leave a Comment
Your email address will not be published. Required fields are marked with *