ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਸੰਧਵਾਂ
ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਅਧੂਰੇ ਕੰਮ ਪੂਰੇ ਕਰਨ ਦੇ ਦਿੱਤੇ ਨਿਰਦੇਸ਼
ਕੋਟਕਪੂਰਾ, 26 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੂਬਰੂ ਹੁੰਦਿਆਂ ਕੀਤਾ। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਘਰ-ਘਰ ਪਹੁੰਚ ਕੇ ਹਰ ਆਮ ਅਤੇ ਖਾਸ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣੇ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਕੱਢਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਵਿਖੇ ਹਲਕੇ ਦੇ ਦੌਰੇ ਦੌਰਾਨ ਹਮੇਸ਼ਾ ਇਹ ਕੋਸ਼ਿਸ਼ ਹੁੰਦੀ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਕੰਮ ਕਰਵਾਏ ਜਾਣ। ਇਸੇ ਲੜੀ ਤਹਿਤ ਪਿੰਡ ਸੰਧਵਾਂ ਵਿਖੇ ਲੋਕ-ਮਿਲਣੀ ਤਹਿਤ ਹਲਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਹਨਾਂ ਦੇ ਹੱਲ ਲਈ ਤੁਰੰਤ ਹੀ ਅਧਿਕਾਰੀਆਂ ਨੂੰ ਅਧੂਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਇਸ ਉਪਰੰਤ ਉਨ੍ਹਾਂ ਆਪਣੇ ਪਿੰਡ ਸੰਧਵਾ ਵਿਖੇ ਕਿਰਤੀ ਸਵਰਗਵਾਸੀ ਬਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ ਅਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਪਿੰਡ ਸੰਧਵਾਂ ਦੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।