ਪੰਜਾਬ ਸਰਕਾਰ ਲੋਕਾਂ ਦੀ ਸੇਵਾ ਲਈ ਵਚਨਬੱਧ ; ਸਪੀਕਰ ਸੰਧਵਾਂ
ਕੋਟਕਪੂਰਾ, 3 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਵਿਖੇ ਨਵੇਂ ਸਾਲ ਦੀਆਂ ਖੁਸ਼ੀਆਂ ਕਿਰਤੀ ਮਿਹਨਤਕਸ਼ ਲੋਕਾਂ ਨੂੰ ਮਿਲ ਕੇ ਕੰਬਲ ਵੰਡ ਕੇ ਸਾਂਝੀਆਂ ਕੀਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨਾਂ ਨੂੰ ਜੋ ਵੀ ਮੁਕਾਮ ਪ੍ਰਾਪਤ ਹੋਇਆ ਹੈ ਉਹ ਮਿਹਨਤਕਸ਼ ਕਿਰਤੀ ਲੋਕਾਂ ਦੀ ਬਦੌਲਤ ਹੀ ਸੰਭਵ ਹੋਇਆ ਹੈ। ਉਨਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ’ਚ ਲਗਾਤਾਰ ਕੰਮ ਕਰ ਰਹੀ ਹੈ। ਲੋਕਾਂ ਨੇ ਵੀ ਸਪੀਕਰ ਸੰਧਵਾਂ ਦਾ ਇਸ ਨੇਕ ਕੰਮ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਗਈਆ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕੰਮ ਲਈ ਖੱਜਲ ਖੁਆਰ ਨਾ ਹੋਣਾ ਪਵੇ। ਉਨਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਬੀਤੇ ਦਿਨੀਂ 5.25 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ ਅਤੇ ਬਾਕੀ ਰਹਿੰਦੇ ਅਧੂਰੇ ਕੰਮਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕੋਟਕਪੂਰਾ, ਬੱਬੂ ਪੱਕਾ, ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ ਹਾਜ਼ਰ ਸਨ।