ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ : ਸਪੀਕਰ ਸੰਧਵਾਂ
ਕੋਟਕਪੂਰਾ, 31 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਤੁਰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੀ ਹੈ ਕਿ ਕੋਈ ਵੀ ਨਾਗਰਿਕ ਆਪਣੇ ਨਿੱਜੀ ਕੰਮਾਂ ਲਈ ਸਰਕਾਰੀ ਦਫ਼ਤਰਾਂ ’ਚ ਪਰੇਸ਼ਾਨੀ ਦਾ ਸ਼ਿਕਾਰ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਤਹਿਤ ‘ਲੋਕ ਮਿਲਣੀ’ ਵਰਗੇ ਪ੍ਰੋਗਰਾਮ ਨਿਯਮਤ ਤੌਰ ’ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਦੀਆਂ ਗੱਲਾਂ ਸਿੱਧਾ ਸਰਕਾਰ ਤੱਕ ਪਹੁੰਚ ਸਕਣ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਆਪਣੇ ਕੰਮ ਸਬੰਧੀ ਕੋਈ ਮੁਸ਼ਕਲ ਆ ਰਹੀ ਹੋਵੇ, ਤਾਂ ਉਹ ਇਨ੍ਹਾਂ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆ ਕੇ ਆਪਣੀ ਗੱਲ ਰੱਖ ਸਕਦੇ ਹਨ। ਇਹ ਪ੍ਰੋਗਰਾਮ ਲੋਕਾਂ ਨੂੰ ਸਰਕਾਰ ਨਾਲ ਸਿੱਧੇ ਜੁੜਨ ਦਾ ਮੌਕਾ ਦਿੰਦੇ ਹਨ। ਇਸ ਮੌਕੇ ਸਪੀਕਰ ਸੰਧਵਾਂ ਨੇ ਨਸ਼ੇ ਦੇ ਵਿਰੁੱਧ ਚੱਲ ਰਹੀ ਪੰਜਾਬ ਸਰਕਾਰ ਦੀ ਮੁਹਿੰਮ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਸਥਿਤੀ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਲਾਕਾ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਭਲਾਈ ਲਈ ਸਰਕਾਰ ਹਮੇਸ਼ਾ ਯਤਨਸ਼ੀਲ ਹੈ ਅਤੇ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੇਗੀ।