ਕੋਟਕਪੂਰਾ, 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਖਾਂਵਾਲਾ ਵਿਖੇ ਇੱਕ ਕ੍ਰਿਕੇਟ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਵਿਚ ਅੱਜ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਜਿੱਥੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ, ਉੱਥੇ ਨਾਲ ਹੀ ਮੈਚ ਕਰਵਾਉਣ ਵਾਲਿਆਂ ਨੂੰ ਵੀ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੱਤੀ। ਅੱਜ ਕਰਵਾਏ ਗਏ ਮੈਚ ਦਾ ਆਨੰਦ ਮਾਣਦੇ ਹੋਏ ਉਨ੍ਹਾਂ ਖਿਡਾਰੀਆਂ ਦੀ ਖੇਡ ਭਾਵਨਾ ਨੂੰ ਦੇਖ ਕੇ ਅਤਿਅੰਤ ਖੁਸ਼ੀ ਦਾ ਇਜ਼ਹਾਰ ਵੀ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਤੰਦਰੁਸਤੀ ਦਾ ਨਿੱਘ ਮਾਣਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਮੈਚ ਕਰਵਾਉਣ ਵਾਲੇ ਪਿੰਡ ਦੇ ਕਲੱਬ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਨਾਦਾਯਕ ਹੁੰਦੇ ਹਨ। ਉਹਨਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਖੇਡਣ ਨਾਲ ਸ਼ਰੀਰ ਦੀ ਕਸਰਤ ਹੁੰਦੀ ਹੈ ਅਤੇ ਇਸ ਨਾਲ ਸ਼ਰੀਰ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਖਾਸ ਤੌਰ ‘ਤੇ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲਗਾਤਾਰ ਖੇਡਾਂ ਨੂੰ ਪ੍ਰਫੂਲਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਤੇਜ ਸਿੰਘ ਖੋਸਾ, ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਯੋਜਨਾ ਕਮੇਟੀ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਸਿੰਘ ਪੱਕਾ, ਮਾਰਕਿਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਅਤੇ ਪਿੰਡ ਵਾਸੀ ਹਾਜ਼ਰ ਸਨ।