*ਕੈਂਸਰ ਵਾਰਡ ਵਿੱਚ ਜਲਦੀ ਹੀ ਹਵਾਦਾਰੀ ਸਮੇਤ ਹੋਰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ : ਸੰਧਵਾਂ*
ਫਰੀਦਕੋਟ, 3 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜਾ ਲਿਆ। ਸਪੀਕਰ ਸੰਧਵਾਂ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੈਂਸਰ ਵਾਰਡ ਵਿੱਚ ਜਲਦੀ ਹੀ ਹਵਾਦਾਰੀ ਅਤੇ ਹੋਰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਭਵਿੱਖ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਟਾਫ਼ ਅਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਹਸਪਤਾਲ ਦੇ ਵਾਰਡਾਂ ਦਾ ਦੌਰਾ ਕੀਤਾ ਅਤੇ ਡਾਕਟਰਾਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਆਦੇਸ਼ ਦਿੱਤੇ। ਹਸਪਤਾਲ ‘ਚ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ‘ਤੇ ਉਨ੍ਹਾਂ ਕਿਹਾ ਕਿ ਹਸਪਤਾਲ ‘ਚ ਚੋਰੀ ਦੀਆਂ ਘਟਨਾਵਾਂ ‘ਤੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਦੌਰਾਨ ਉਹਨਾਂ ਨਾਲ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਅਤੇ ਅਮਨਦੀਪ ਸਿੰਘ ਸੰਧੂ ਪੀ.ਏ. ਆਦਿ ਵੀ ਮੌਜੂਦ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੈਡੀਕਲ ਕਾਲਜ ਵਿੱਚ ਨਿਰੀਖਣ ਦੌਰਾਨ ਮਰੀਜ਼ਾਂ ਦਾ ਹਾਲਚਾਲ ਪੁੱਛਿਆ।