30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਹਿ ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਬਠਿੰਡਾ, 14 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਕਿਹਾ ਜਾਂਦਾ ਹੈ ਕਿ ਪੰਜਾਬੀ ਲੋਕਾਂ ਦੀ ਰਹਿਣੀ ਬਹਿਣੀ, ਖਾਣ ਪਾਣ ਅਤੇ ਕੁੱਝ ਮਹਿੰਗੇ ਸ਼ੌਕਾਂ ਨੂੰ ਦੇਖਦੇ ਹੋਏ ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਬਾਕੀ ਸੂਬਿਆਂ ਦੇ ਮੁਕਾਬਲੇ ਕਾਫੀ ਜਿਆਦਾ ਹੈ। ਪਰ ਕੁੱਝ ਕੁ ਮੁਲਾਜ਼ਮਾਂ ਨੂੰ ਛੱਡ ਹਰੇਕ ਮਹਿਕਮੇ ਦੇ ਜਿਆਦਾਤਰ ਅਧਿਕਾਰੀ ਅਤੇ ਮੁਲਾਜ਼ਮ ਵੱਢੀ ਲੈਣ ਨੂੰ ਆਪਣਾ ਜਨਮ ਸਿੱਧ ਅਧਿਕਾਰ ਸਮਝਦੇ ਹਨ। ਜੇਕਰ ਪੰਜਾਬ ਪੁਲਿਸ ਦੀ ਹੀ ਗੱਲ ਕਰੀਏ ਤਾਂ ਗਿਣਤੀ ਦੇ ਅਧਿਕਾਰੀਆਂ ਨੂੰ ਛੱਡ ਬਹੁਤੇ ਮੁਲਾਜ਼ਮ ਜਾਂ ਅਧਿਕਾਰੀ ਉੱਪਰ ਦੀ ਕਮਾਈ( ਹਰਾਮ ਦੀ ਕਮਾਈ) ਤੋਂ ਬਿਨਾ ਕੰਮ ਕਰਨ ਨੂੰ ਆਪਣੀ ਤੌਹੀਨ ਬਰਾਬਰ ਸਮਝਦੇ ਹਨ।ਭਾਵੇਂ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਦੇ ਹੱਥ ਖੋਲ੍ਹਣ ਕਾਰਨ ਰੋਜ਼ਾਨਾ ਬਹੁ ਗਿਣਤੀ ਭ੍ਰਿਸ਼ਟਾਚਾਰੀ ਸਲਾਖਾਂ ਪਿੱਛੇ ਜਾ ਰਹੇ ਹਨ ਪਰ ਕੁੱਝ ਮੁਲਾਜ਼ਮਾਂ ਦੇ ਭ੍ਰਿਸ਼ਟਾਚਾਰ ਇਸ ਹੱਦ ਤੱਕ ਹੱਡੀਂ ਰਚਿਆ ਹੋਇਆ ਹੈ ਕਿ ਉਹ ਇਸਤੋਂ ਬਿਨਾ ਨੌਕਰੀ ਦੀ ਕਲਪਨਾ ਹੀ ਨਹੀਂ ਕਰਦੇ। ਕੁੱਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਕੋਟ ਭਾਈ ਤੋਂ, ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁੱਖ ਮੁਨਸ਼ੀ ਅਤੇ ਉਕਤ ਥਾਣੇ ਵਿੱਚ ਹੀ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਬਾਰੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਾਮਲ ਉਸਦੇ ਦੋਸਤ ਦੀ ਮੱਦਦ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਥਾਣੇ ਦੇ ਮੁੱਖ ਮੁਨਸ਼ੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਹਿ-ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਥਾਣੇ ਦੇ ਐਸ.ਐਚ.ਓ. ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ।