ਕੋਟਕਪੂਰਾ, 11 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੇ ਅੰਤਰਗਤ 11 ਜਨਵਰੀ ਨੂੰ ਦਿਨ ਬੁੱਧਵਾਰ ਨੂੰ ਪਿੰਡ ਘੁਦੂਵਾਲਾ ਵਿਖੇ ਦੁਪਿਹਰ 1 ਵਜੇ ਤੋਂ 2 ਵਜੇ ਤੱਕ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁੱਖੀ ਵੀ ਹਾਜ਼ਰ ਹੋਣਗੇ ਤਾਂ ਜੋ ਲੋਕਾਂ ਨੂੰ ਹਰ ਸਮੱਸਿਆ ਤੋਂ ਮੌਕੇ ਤੇ ਹੀ ਨਿਜਾਤ ਦਿਵਾਈ ਜਾ ਸਕੇ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਇਸ ਕਰਕੇ ਉਲੀਕਿਆ ਗਿਆ ਹੈ ਤਾਂ ਜੋ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੀ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰਤ ਹੱਲ ਲਈ ਕਿਤੇ ਦੂਰ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਇੱਕ ਅਜਿਹੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਖੁਦ ਪਹੁੰਚ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ। ਉਨ੍ਹਾਂ ਦੱਸਿਆ ਕਿ ਇਸ ਸਹੂਲਤ ਤਹਿਤ ਜਿੱਥੇ ਉਹ ਖੁਦ ਪਿੰਡ ਘੁਦੂਵਾਲਾ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਮਿਲ ਰਹੇ ਹਨ, ਇਸੇ ਤਰ੍ਹਾਂ ਵਿਭਾਗਾਂ ਦੇ ਹੋਰ ਮੁਖੀ ਵੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਨਿਜਾਤ ਦਿਵਾਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਨਿੱਜੀ ਤੌਰ ’ਤੇ ਹਫਤੇ ’ਚ ਇੱਕ ਵਾਰ ਕਿਸੇ ਇੱਕ ਪਿੰਡ ਪਹੁੰਚ ਕੇ ਪਿੰਡ ਵਾਸੀਆਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਤਾਲਮੇਲ ਕਰਨ।