ਸੁਖਮਨੀ ਸਾਹਿਬ ਦੇ ਪਾਠ, ਸਪੀਕਰ ਸੰਧਵਾਂ ਅਤੇ ਵਿਧਾਇਕ ਸੇਖੋਂ ਨੇ ਕੀਤੀ ਵਿਸ਼ੇਸ਼ ਤੌਰ ’ਤੇ ਸ਼ਿਰਕਤ

ਕੋਟਕਪੂਰਾ, 27 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਰਬਜੀਤ ਸਿੰਘ ਬਰਾੜ ਵੱਲੋਂ ਚੇਅਰਮੈਨ ਬਲਾਕ ਸੰਮਤੀ ਫਰੀਦਕੋਟ ਦਾ ਅਹੁਦਾ ਸੰਭਾਲਣ ਮੌਕੇ ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਪੰਚਾਇਤ ਸੰਮਤੀ ਫਰੀਦਕੋਟ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ ਨੇ ਹਾਜ਼ਰੀ ਲਗਵਾਈ ਅਤੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦੇ ਹੋਏ ਪੰਚਾਇਤ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੂਹਿਕ ਵਿਕਾਸ ਲਈ ਵਚਨਬੱਧ ਹੈ ਅਤੇ ਬਲਾਕ ਸੰਮਤੀਆਂ ਇਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਵੀ ਸਰਬਜੀਤ ਸਿੰਘ ਬਰਾੜ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਵਿਧਾਇਕ ਜੈਤੋ ਅਮੋਲਕ ਸਿੰਘ ਨੇ ਸਰਬਜੀਤ ਸਿੰਘ ਬਰਾੜ ਨੂੰ ਵਧਾਈ ਦਿੱਤੀ ਤੇ ਉਮੀਦ ਜਾਹਿਰ ਕੀਤੀ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਸਰਬਜੀਤ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਬਲਾਕ ਦੇ ਸਮੂਹ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤ ਪ੍ਰਤਿਨਿਧੀ ਅਤੇ ਇਲਾਕਾ ਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

