· ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ
· ਡੀਸੀ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਵਿਸ਼ੇਸ਼ ਬੈਠਕ
ਬਠਿੰਡਾ, 22 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਨਸ਼ਾ ਮੁਕਤ ਪੰਜਾਬ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਬਠਿੰਡਾ ਪੁਲਿਸ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਬੱਡੀ ਟੂਰਨਾਮੈਂਟ ਦੇ ਮੱਦੇਨਜ਼ਰ ਸਮੀਖਿਆ ਬੈਠਕ ਕਰਨ ਮੌਕੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ 24 ਨਵੰਬਰ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਕਬੱਡੀ ਟੂਰਨਾਮੈਂਟ (ਸਰਕਲ ਸਟਾਈਲ) ਅਤੇ ਕੁਸ਼ਤੀ ਮੁਕਾਬਲੇ ਦੁਪਿਹਰ 12 ਤੋਂ ਲੈ ਕੇ ਬਾਅਦ ਦੁਪਿਹਰ 2 ਵਜੇ ਕਰਵਾਏ ਜਾ ਰਹੇ ਹਨ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰੋਗਰਾਮ ਵਾਲੀ ਥਾਂ ਤੇ ਐਂਬੂਲੈਂਸ ਤੇ ਮੈਡੀਕਲ ਟੀਮਾਂ, ਮੰਡੀ ਬੋਰਡ ਸਾਫ਼ ਪੀਣ ਵਾਲੇ ਪਾਣੀ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਤਾਂ ਜੋ ਟੂਰਨਾਮੈਂਟ ਦੌਰਾਨ ਕਿਸੇ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ।
ਇਸ ਮੌਕੇ ਐਸਪੀ ਹੈਡਕੁਆਰਟਰ ਸ਼੍ਰੀ ਗੁਰਵਿੰਦਰ ਸਿੰਘ ਸੰਘਾ, ਨਿਗਰਾਨ ਇੰਜੀਨੀਅਰ ਸ਼੍ਰੀ ਸੰਦੀਪ ਗੁਪਤਾ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।