ਕੋਟਕਪੂਰਾ ,28 ਸਤੰਬਰ (ਵਰਲਡ ਪੰਜਾਬੀ ਟਾਈਮਜ਼ )
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਨਾਲ ਸਬੰਧਤ ਬਹੁਤ ਸਾਰੇ ਰਾਜਸੀ ਨੇਤਾ ਹਰ ਰੋਜ਼ ਹਰਿਆਣਾ ਦੇ ਵੱਖ ਵੱਖ ਇਲਾਕਿਆਂ ਵਿੱਚ ਜਾ ਕੇ ਪੰਜਾਬ ਵਿੱਚ ਲਿਆਂਦੇ ਗਏ ਇਨਕਲਾਬ ਦਾ ਢੰਡੋਰਾ ਪਿੱਟ ਰਹੇ ਹਨ, ਜਦਕਿ ਅਸਲ ਸਥਿਤੀ ਇਹ ਹੈ ਕਿ ਪੰਜਾਬ ਵਿੱਚ ਵੱਖ ਵੱਖ ਵਰਗਾਂ ਨਾਲ ਸੰਬੰਧਿਤ ਲੋਕ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ਤੋਂ ਦੁਖੀ ਹੋ ਕੇ ਆਪਣੇ ਸੰਘਰਸ਼ਾਂ ਨੂੰ ਦਿਨੋ ਦਿਨ ਤਿੱਖਾ ਕਰਨ ਲਈ ਮਜਬੂਰ ਹੋ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨਾ ਤਾਂ ਬਹੁਤ ਦੂਰ ਦੀ ਗੱਲ , ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਤੋਂ ਹੀ ਭਗੋੜੇ ਹੋ ਗਏ ਹਨ । ਇਸ ਦੇ ਵਿਰੋਧ ਵਿੱਚ ਫਰੰਟ ਵੱਲੋਂ 2 ਅਕਤੂਬਰ ਨੂੰ ਅੰਬਾਲਾ ਸ਼ਹਿਰ ਵਿੱਚ ਰੋਸ ਰੈਲੀ ਅਤੇ ਝੰਡਾ ਮਾਰਚ ਕਰਕੇ ਹਰਿਆਣਾ ਦੇ ਸਮੂਹ ਵੋਟਰਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਜਾਗਰੂਕ ਕਰਨ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂਕਿ ਕਾਰਪੇਟ ਘਰਾਣਿਆਂ ਦੀਆਂ ਕਠਪੁਤਲੀ ਅਤੇ ਝੂਠਾਂ ਦੀਆਂ ਪੰਡਾਂ ਨੂੰ ਮਾਤ ਦਿੱਤੀ ਜਾ ਸਕੇ । ਇਸ ਐਕਸ਼ਨ ਨੂੰ ਸਫਲ ਬਣਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22ਬੀ ,ਚੰਡੀਗੜ੍ਹ, ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਮੁੱਖ ਆਗੂ ਦਰਸ਼ਨ ਸਿੰਘ ਲੁਬਾਣਾ, ਰਣਜੀਤ ਸਿੰਘ ਰਾਣਵਾਂ,ਜਸਵਿੰਦਰ ਪਾਲ ਉੱਘੀ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਤੇ ਜਨਰਲ ਸਕੱਤਰ ਪ੍ਰੇਮ ਚਾਵਲਾ,ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰ ਯੂਨੀਅਨ(ਏਟਕ) ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਘੋੜੇਵਾਹ ਤੇ ਗੁਰਜੰਟ ਸਿੰਘ ਕੋਕਰੀ,ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾਈ ਆਗੂ ਚਰਨ ਸਿੰਘ ਸਰਾਭਾ,ਸੁਰਿੰਦਰ ਕੁਮਾਰ ਪੁਆਰੀ, ਗੁਰਪ੍ਰੀਤ ਸਿੰਘ ਮਾੜੀ ਮੇਘਾ ਤੇ ਪ੍ਰਵੀਨ ਕੁਮਾਰ ਲੁਧਿਆਣਾ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਅੰਬਾਲਾ ਰੈਲੀ ਵਿੱਚ ਵੱਡੀ ਸ਼ਮੂਲੀਅਤ ਕਰਨਗੇ।। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਗਏ ਸਾਰੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ । ਆਗੂਆਂ ਨੇ ਇਹ ਚਿਤਾਵਨੀ ਵੀ ਦਿੱਤੀ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਤੋਂ ਬਾਅਦ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਆਪਣਾ ਸੰਘਰਸ਼ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਦੌਰਾਨ ਤਿੱਖਾ ਕੀਤਾ ਜਾਵੇਗਾ।