ਰਾਮਪੁਰਾ ਫੂਲ (ਬਠਿੰਡਾ) 12 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫਸਰ, 09-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਸ੍ਰੀ ਕੰਵਰਜੀਤ ਸਿੰਘ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਟੀ.ਪੀ.ਡੀ.ਮਾਲਵਾ ਕਾਲਜ, ਰਾਮਪੁਰਾ ਫੂਲ ਵਿਖੇ ਮੀਟਿੰਗ ਕੀਤੀ ਗਈ।
ਇਸ ਦੌਰਾਨ ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਸ੍ਰੀ ਕੰਵਰਜੀਤ ਸਿੰਘ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਟਰਾਂਗ ਰੂਮ ਦਾ ਦੌਰਾ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਥਾਪਿਤ ਕੀਤੇ ਗਏ ਸਟਰਾਂਗ ਰੂਮ ਵਿੱਚ 30 ਅਪ੍ਰੈਲ 2024 ਨੂੰ ਇਸ ਚੋਣ ਹਲਕੇ ਲਈ ਪ੍ਰਾਪਤ ਹੋਣ ਵਾਲੀਆਂ ਈ.ਵੀ.ਐਮਜ, ਸੀ.ਸੀ.ਟੀ.ਵੀ. ਕੈਮਰਿਆਂ ਨੂੰ ਪੁਲਿਸ ਦੀ ਸੁਰੱਖਿਆ ਹੇਠ ਰੱਖਿਆ ਜਾਵੇਗਾ। ਇਸ ਉਪਰੰਤ ਇਨ੍ਹਾਂ ਮਸ਼ੀਨਾਂ ਨੂੰ ਬੈਲਟ ਪੇਪਰ ਪਾ ਕੇ ਤਿਆਰ ਕਰਨ ਸਮੇਂ ਹੀ ਇਹ ਸਟਰਾਂਗ ਰੂਮ ਖੋਲ੍ਹਿਆ ਜਾਵੇਗਾ ਅਤੇ ਮਸ਼ੀਨਾਂ ਤਿਆਰ ਕਰਨ ਉਪਰੰਤ ਇਹ ਸਟਰਾਂਗ ਰੂਮ ਦੁਬਾਰਾ ਉਨ੍ਹਾਂ ਦੀ ਹਾਜ਼ਰੀ ਵਿੱਚ ਸੀਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੂੰ ਪੋਸਟਲ ਪੇਪਰ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਅਤੇ ਬਜ਼ੁਰਗ ਵੋਟਰ ਜਿਨ੍ਹਾਂ ਦੀ ਉਮਰ 85 ਸਾਲ ਤੋਂ ਵੱਧ ਹੈ, ਉਨ੍ਹਾਂ ਨੂੰ ਸਬੰਧਤ ਬੀ.ਐਲ.ਓ ਉਨ੍ਹਾਂ ਦੇ ਘਰ ਜਾ ਕੇ ਫਾਰਮ ਨੰ: 12-ਡੀ ਦੇਣਗੇ ਤਾਂ ਕਿ ਅਜਿਹੇ ਵੋਟਰਾਂ ਨੂੰ ਘਰੋਂ ਹੀ ਵੋਟਾਂ ਪਾਉਣ ਦੀ ਸਹੂਲਤ ਦਿੱਤੀ ਜਾ ਸਕੇ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਾਡਲ ਕੋਡ ਆਫ ਕੰਡਕਟ ਦੇ ਪ੍ਰਾਵਧਾਨਾਂ ਬਾਰੇ ਵੀ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਦਿੱਤੀ ਗਈ, ਤਾਂ ਕਿ ਇਸ ਚੋਣ ਹਲਕੇ ਵਿੱਚ ਕਿਸੇ ਵੀ ਤਰ੍ਹਾਂ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਨਾ ਹੋ ਸਕੇ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਚੋਣ ਹਲਕੇ ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਹਿਯੋਗ ਕਰਨ ਲਈ ਕਿਹਾ ਗਿਆ।
ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰਾਂ ਦੀ ਸਹੂਲਤ ਲਈ ਆਪਣੀ-ਆਪਣੀ ਪਾਰਟੀ ਦਾ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ।
ਇਸ ਮੌਕੇ ਤਹਿਸੀਲਦਾਰ ਰਾਮਪੁਰਾ ਫੂਲ ਸ੍ਰੀ ਅਰਵਿੰਦ ਕੁਮਾਰ ਸਲਵਾਨ, ਨਾਇਬ ਤਹਿਸੀਲਦਾਰ ਰਾਮਪੁਰਾ ਫੂਲ ਸ੍ਰੀ ਬੀਰਬਲ ਸਿੰਘ, ਬੀ.ਡੀ.ਪੀ.ਓ. ਫੂਲ ਸ੍ਰੀ ਮਹਿਕਮੀਤ ਸਿੰਘ ਆਦਿ ਹਾਜ਼ਰ ਸਨ।
Leave a Comment
Your email address will not be published. Required fields are marked with *