ਫਰੀਦਕੋਟ, 17 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਝੋਨੇ ਦੀ ਪਰਾਲੀ ਨਾਲ ਹੋ ਰਹੇ ਪ੍ਰਦੂਸ਼ਣ ਸਬੰਧੀ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦਿੱਲੀ ਤੋਂ ਜਿਲ੍ਹਾ ਫਰੀਦਕੋਟ ਪਹੁੰਚੇ ਸਾਇੰਸਦਾਨ ਸ੍ਰੀ ਬੀ.ਕੇ. ਜੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਇਸ ਟੀਮ ਲਈ ਢੁੱਕਵੇਂ ਪ੍ਰਬੰਧ ਕਰਵਾਏ ਗਏ I ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ, ਜਸਵਿੰਦਰ ਸਿੰਘ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟੀ.ਏ.) ਫਰੀਦਕੋਟ, ਡਾ ਗੁਰਬਚਨ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਸਾਦਿਕ, ਡਾ ਜਸਵੰਤ ਸਿੰਘ, ਡਾ ਰਾਜਵਿੰਦਰ ਸਿੰਘ ਅਤੇ ਪੁਲਿਸ ਪਾਰਟੀਆਂ ਹਾਜ਼ਰ ਸਨ। ਇਸ ਦੌਰਾਨ ਬੀ.ਕੇ. ਜੀਨਾ ਨੇ ਕਿਹਾ ਕਿ ਕਿਸਾਨ ਖੇਤਾਂ ਵਿੱਚ ਝੋਨੇ/ ਬਾਸਮਤੀ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ, ਕਿਉਂਕਿ ਜਿੱਥੇ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਆਮ ਲੋਕਾਂ ਵਿੱਚ ਬਿਮਾਰੀਆਂ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਦੀ ਟੀਮ ਵੱਲੋਂ ਉਹਨਾਂ ਨੂੰ ਮੌਕੇ ਤੇ ਪਰਾਲੀ ਪ੍ਰਬੰਧਨ ਸਬੰਧੀ ਵਰਤੀ ਜਾ ਰਹੀ ਖੇਤੀ ਮਸ਼ੀਨਰੀ, ਜਿਸ ਵਿੱਚ ਸੁਪਰ ਸੀਡਰ , ਗੱਠਾਂ ਬਣਾਉਣ ਵਾਲੀ ਮਸ਼ੀਨ ਖੇਤਾਂ ਵਿੱਚ ਚਲਦੀ ਦਿਖਾਈ ਗਈ। ਇਸ ਤੋਂ ਇਲਾਵਾ ਪਰਾਲੀ ਦੀਆਂ ਗੱਠਾਂ ਨੂੰ ਸਟੋਰ ਕਰਨ ਵਾਲੀਆਂ ਥਾਵਾਂ ਦਾ ਵੀ ਦੌਰਾ ਕਰਵਾਇਆ ਗਿਆ। ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਉਹਨਾਂ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਖੇਤੀ ਸੰਦਾਂ ਤੇ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਭਾਗ ਵੱਲੋਂ ਖੇਤੀ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਨੋਡਲ, ਕਲਸਟਰ ਅਫਸਰ ਅਤੇ ਸੁਪਰਵਾਈਜ਼ਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿਨਾਂ ਕਿਸਾਨਾਂ ਵੱਲੋਂ ਅੱਗ ਲਗਾਈ ਜਾ ਰਹੀ ਹੈ ਅਤੇ ਉਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਐਫ.ਆਈ.ਆਰ. ਵੀ ਦਰਜ ਕਰਵਾਈਆਂ ਜਾ ਰਹੀਆਂ ਹਨ। ਟੀਮ ਵੱਲੋਂ ਪਿੰਡ ਦੀਪ ਸਿੰਘ ਵਾਲਾ, ਕੌਣੀ, ਗੋਲੇਵਾਲਾ, ਪਿਪਲੀ, ਅਰਾਈਆਂਵਾਲਾ, ਸੇਡਾ ਸਿੰਘ ਵਾਲਾ, ਡੋਡ, ਬਰਗਾੜੀ, ਬੁਰਜ ਹਰੀਕਾ, ਖਾਰਾ, ਵਾੜਾ ਦਰਾਕਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆI
Leave a Comment
Your email address will not be published. Required fields are marked with *