-ਸਾਈਕਲ ਰੈਲੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਹੋਵੇਗੀ ਸਮਾਪਤ
ਫ਼ਰੀਦਕੋਟ, 29 ਨਵੰਬਰ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਨੂੰ ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਬਠਿੰਡਾ ਜ਼ਿਲ੍ਹੇ ਲਈ ਰਵਾਨਾ ਕੀਤਾ ਗਿਆ। ਇਹ ਹਥਿਆਰਬੰਦ ਸੈਨਾ ਝੰਡਾ ਦਿਵਸ ਜਾਗਰੂਕਤਾ ਸਾਈਕਲ ਰੈਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਵਿਖੇ ਪਹੁੰਚੀ ਸੀ ਜਿੱਥੇ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਰੈਲੀ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ਕੋਟਕਪੂਰਾ ਵਿਖੇ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਇਹ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 07 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਿਕ ਵਿਭਾਗ ਵੱਲੋਂ ਸਾਈਕਲ ਰੈਲੀ ਦੀ ਸ਼ੁਰੂਆਤ 7 ਨਵੰਬਰ ਨੂੰ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਸੈਨਾ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਸੇਵਾ ਕਰਨ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੈਨਿਕਾਂ ਦਾ ਸਨਮਾਨ ਕਰਨਾ ਬਣਦਾ ਹੈ ਕਿਉਂਕਿ ਸੈਨਿਕ ਹੀ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਵਿੱਚੋਂ ਇੱਕ ਹੁੰਦੇ ਹਨ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਹਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਨੋਡਲ ਅਫਸਰ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸ੍ਰੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼੍ਰੀਮਤੀ ਵੀਰਪਾਲ ਕੌਰ ਪਤਨੀ ਸ਼ਹੀਦ ਹਵਾਲਦਾਰ ਅੰਮ੍ਰਿਤਪਾਲ ਸਿੰਘ (2022) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਬਰਗਾੜੀ ਵਿਖੇ ਸ਼੍ਰੀਮਤੀ ਗੁਰਮੀਤ ਕੌਰ ਪਤਨੀ ਸ਼ਹੀਦ ਨਾਇਕ ਗੁਰਮੀਤ ਸਿੰਘ ਸੈਨਾ ਮੈਡਲ ਨੂੰ ਵੀ ਉਨਾਂ ਦੇ ਗ੍ਰਹਿ ਵਿਖੇ ਪੁੱਜ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਗੁਰਚਰਨ ਸਿੰਘ ਸਾਬਕਾ ਸੁਪਰਡੈਂਟ, ਮਨਦੀਪ ਕੌਰ ਜੂਨੀਅਰ ਸਹਾਇਕ, ਸੰਦੀਪ ਕੁਮਾਰ ਜੂਨੀਅਰ ਸਹਾਇਕ, ਸਮੂਹ ਸਟਾਫ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਹਾਜ਼ਰ ਸਨ।
Leave a Comment
Your email address will not be published. Required fields are marked with *