ਕੋਟਕਪੂਰਾ, 14 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਅਰਾਈਆਵਾਲਾਂ ਕਲਾਂ ਤੋਂ ਸੀਨੀਅਰ ਮੀਤ ਯੂਥ ਪ੍ਰਧਾਨ, ਮੌਜੂਦਾ ਸਰਕਲ ਪ੍ਰਧਾਨ ਅਤੇ ਮੌਜੂਦਾ ਸਰਪੰਚ ਨੂੰ ਕੁਲਵਿੰਦਰ ਕੁਮਾਰ ਕਿੰਦਾ ਆਪਣੇ ਪੰਚਾਇਤ ਮੈਂਬਰ ਪਰਮਜੀਤ ਸਿੰਘ ਅਤੇ ਪੰਚਾਇਤ ਮੈਂਬਰ ਸੱਤਪਾਲ ਸ਼ਰਮਾ ਸਮੇਤ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਨਾਲ ਆਮ ਆਦਮੀ ਪਾਰਟੀ ਦੀ ਜ਼ਮੀਨੀ ਪਕੜ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਲੋਕ-ਭਲਾਈ ਨਾਲ ਜੁੜੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੁਹੱਲਾ ਕਲੀਨਿਕ, ਸਰਕਾਰੀ ਸਕੂਲਾਂ ਦੀ ਸੁਰੱਖਿਆ ਅਤੇ ਮਿਆਰ ਵਿੱਚ ਸੁਧਾਰ, ਕਿਸਾਨਾਂ ਲਈ ਰਾਹਤ ਯੋਜਨਾਵਾਂ ਅਤੇ ਬਿਨਾਂ ਭੇਦਭਾਵ ਦੇ ਵਿਕਾਸ ਕਾਰਜ ਆਮ ਲੋਕਾਂ ਦਾ ਭਰੋਸਾ ਜਿੱਤ ਰਹੇ ਹਨ। ਕੁਲਵਿੰਦਰ ਕੁਮਾਰ ਕਿੱਦਾ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਇਮਾਨਦਾਰ ਅਤੇ ਜਵਾਬਦੇਹ ਢੰਗ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਹਲਕੇ ਅਤੇ ਜ਼ਿਲ੍ਹੇ ਵਿੱਚ ਵਿਕਾਸ ਦੇ ਨਵੇਂ ਆਯਾਮ ਸਥਾਪਤ ਹੋ ਰਹੇ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਸਮੇਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਫਰੀਦਕੋਟ ਦਿਹਾਤੀ ਤੋਂ ਉਮੀਦਵਾਰ ਗੁਰਸ਼ਰਨ ਸਿੰਘ, ਗੁਰਭੇਜ ਸਿੰਘ, ਬਲਰਾਜ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਜਤਿੰਦਰ ਸਿੰਘ ਅਤੇ ਬਲਾਕ ਸੰਮਤੀ ਉਮੀਦਵਾਰ ਸ਼ੇਰ ਸਿੰਘ ਸਮੇਤ ਹੋਰ ਪਾਰਟੀ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁੱਖੀ ਸੋਚ ਨਾਲ ਪ੍ਰਭਾਵਿਤ ਹੋ ਕੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ ਪਾਰਟੀ ਨਾਲ ਜੁੜਣਗੇ, ਜਿਸ ਨਾਲ ਜ਼ਿਲ੍ਹਾ ਫਰੀਦਕੋਟ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।
