ਕੋਟਕਪੂਰਾ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੰਗਰੂਰ ਵਿਖੇ ਕਾਂਗਰਸ ਪਾਰਟੀ ਵੱਲੋਂ ਆਯੋਜਿਤ ਵਿਸ਼ਾਲ ਇਨਸਾਫ਼ ਰੈਲੀ ਵਿੱਚ ਕੋਟਕਪੂਰਾ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸ. ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਲਗਭਗ 1500 ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਰੈਲੀ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ, ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਮਲਿਕਾਰਜੁਨ ਖੜਗੇ, ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਸ. ਪ੍ਰਤਾਪ ਸਿੰਘ ਬਾਜਵਾ ਸਮੇਤ ਪੰਜਾਬ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਸੂਬੇ ਵਿੱਚ ਲਗਾਤਾਰ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਲੋਕਾਂ ਨੂੰ ਦਰਪੇਸ਼ ਹੋਰ ਗੰਭੀਰ ਸਮੱਸਿਆਵਾਂ ਨੂੰ ਉਭਾਰਿਆ। ਉਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ। ਕੋਟਕਪੂਰਾ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਪ੍ਰਤੀ ਵਰਕਰਾਂ ਦੇ ਭਰੋਸੇ, ਪਾਰਟੀ ਪ੍ਰਤੀ ਸਮਰਪਣ ਅਤੇ ਹਲਕੇ ਵਿੱਚ ਕਾਂਗਰਸ ਦੀ ਮਜ਼ਬੂਤ ਜਥੇਬੰਦਕ ਏਕਤਾ ਦਾ ਪ੍ਰਤੀਕ ਰਹੀ।

