ਝੋਨੇ ਦੀ ਖ਼ਰੀਦ ਅਤੇ ਚੁਕਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੋਟਕਪੂਰਾ, 31 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਕੋਟਕਪੂਰਾ ਅਜੈਪਾਲ ਸਿੰਘ ਸੰਧੂ ਨੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਪਹੁੰਚ ਕੇ ਮੰਡੀ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਅਤੇ ਝੋਨੇ ਦੀ ਆਮਦ, ਖ਼ਰੀਦ ਪ੍ਰਕਿਰਿਆ ਅਤੇ ਲਿਫਟਿੰਗ (ਚੁਕਾਈ) ਦੇ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਮੰਡੀ ਦੌਰੇ ਦੌਰਾਨ ਅਜੈਪਾਲ ਸਿੰਘ ਸੰਧੂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਉਹ ਹਮੇਸ਼ਾਂ ਉਹਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਅੰਨਦਾਤਾ ਕਿਸਾਨ ਦੀ ਰਾਤ-ਦਿਨ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦਾ ਪੂਰਾ-ਪੂਰਾ ਮੁੱਲ ਮਿਲਣਾ ਅਤੇ ਮੰਡੀਆਂ ਵਿੱਚ ਉਨ੍ਹਾਂ ਦੀ ਖੱਜਲ-ਖੁਆਰੀ ਨੂੰ ਰੋਕਣਾ ਸਾਡੀ ਮੁੱਖ ਤਰਜੀਹ ਹੈ। ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਮੰਡੀਆਂ ਵਿੱਚ ਫ਼ਸਲ ਦੀ ਸਰਕਾਰੀ ਖ਼ਰੀਦ ਅਤੇ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਲੰਮਾ ਸਮਾਂ ਮੰਡੀਆਂ ਵਿੱਚ ਨਾ ਬੈਠਣਾ ਪਵੇ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲੇ ਸਰਦ ਪਾਣੀ, ਸਾਫ਼-ਸਫ਼ਾਈ ਅਤੇ ਰੋਸ਼ਨੀ ਦੇ ਢੁਕਵੇਂ ਪ੍ਰਬੰਧ ਹੋਣ ਤਾਂ ਜੋ ਰਾਤ ਸਮੇਂ ਠਹਿਰਨ ਵਾਲੇ ਕਿਸਾਨਾਂ ਨੂੰ ਕੋਈ ਅਸੁਵਿਧਾ ਨਾ ਹੋਵੇ। ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਕਾਂਗਰਸੀ ਆਗੂ, ਆੜ੍ਹਤੀ ਐਸੀਸੀਏਸ਼ਨ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

