ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿਚ ਤਹਿਸੀਲਦਾਰ ਕੋਟਕਪੂਰਾ ਨੂੰ ਸੌਂਪਿਆ ਮੰਗ ਪੱਤਰ
ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦੀ ਖੁੱਲ੍ਹੀ ਪੋਲ, ਬਿਜਲੀ ਸੰਕਟ ਨਾਲ ਕਿਸਾਨ ਅਤੇ ਆਮ ਜਨਤਾ ਖੱਜਲ-ਖੁਆਰ : ਅਕਾਲੀ ਦਲ

ਕੋਟਕਪੂਰਾ, 17 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਗਾਏ ਜਾ ਰਹੇ ਭਾਰੀ ਅਤੇ ਅਣ-ਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਸਾਬਕਾ ਵਿਧਾਇਕ ਸਰਦਾਰ ਮਨਤਾਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿੱਚ ਹਲਕੇ ਭਰ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਸਮੇਤ ਹੋਰ ਵੱਖ ਵੱਖ ਬੁਲਾਰਿਆਂ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਹਮਲੇ ਬੋਲਦਿਆਂ ਕਿਹਾ ਕਿ ਸਰਕਾਰ 24 ਘੰਟੇ ਮੁਫ਼ਤ ਅਤੇ ਨਿਰਵਿਘਨ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਸੀ, ਪਰ ਅੱਜ ਹਕੀਕਤ ਇਹ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਘੰਟਿਆਂ ਬੱਧੀ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਦੁਭਰ ਕਰ ਦਿੱਤਾ ਹੈ। ਆਗੂਆਂ ਨੇ ਜ਼ੋਰਦਾਰ ਢੰਗ ਨਾਲ ਮੁੱਦਾ ਉਠਾਇਆ ਕਿ ਬਿਜਲੀ ਦੀ ਘਾਟ ਕਾਰਨ ਜਿੱਥੇ ਝੋਨੇ ਦੀ ਫ਼ਸਲ ਲਈ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ, ਉੱਥੇ ਹੀ ਛੋਟੇ ਵਪਾਰੀਆਂ ਅਤੇ ਕਾਰੋਬਾਰੀਆਂ ਦਾ ਕੰਮਕਾਜ ਵੀ ਠੱਪ ਹੋ ਕੇ ਰਹਿ ਗਿਆ ਹੈ। ਗਰਮੀ ਦੇ ਇਸ ਮੌਸਮ ਵਿੱਚ ਆਮ ਜਨਤਾ, ਬਜ਼ੁਰਗਾਂ ਅਤੇ ਬੱਚਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਬੁਨਿਆਦੀ ਸਹੂਲਤਾਂ ਲਈ ਪਹਿਰਾ ਦਿੰਦਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸੁਧਾਰ ਨਾ ਕੀਤਾ ਅਤੇ ਬਿਜਲੀ ਦੀ ਸੁਚੱਜੀ ਸਪਲਾਈ ਯਕੀਨੀ ਨਾ ਬਣਾਈ, ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੋਸ ਧਰਨੇ ਵਿੱਚ ਸਥਾਨਕ ਆਗੂਆਂ, ਸਰਪੰਚਾਂ, ਪੰਚਾਂ, ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਸਮੇਤ ਸਮੁੱਚੀ ਹਲਕਾ ਲੀਡਰਸ਼ਿਪ ਅਤੇ ਪਾਰਟੀ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

