
ਫਰੀਦਕੋਟ/ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਦੇ ਰੋਸ ਵਜੋਂ, ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਨਾਲ ਸਬੰਧਤ ਆਈ.ਟੀ.ਆਈ. ਦੇ ਕੱਚੇ ਇੰਸਟਰਕਟਰਾਂ ਨੇ ਇਸ ਵਾਰ ਦੀਵਾਲੀ ਦਾ ਤਿਉਹਾਰ ‘ਕਾਲੀ ਦਿਵਾਲੀ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂਆਂ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਇਸ ਪ੍ਰਧਾਨ ਸਿਮਰਨਜੀਤ ਸਿੰਘ, ਸੈਕਟਰੀ ਪ੍ਰਦੀਪ ਸਿੰਘ ਜਨਰਲ ਸੈਕਟਰੀ ਸਵਰਨ ਸਿੰਘ ਅਤੇ ਪ੍ਰੈਸ ਇੰਚਾਰਜ ਹਰਪ੍ਰੀਤ ਸਿੰਘ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੂਬੇ ਦੇ ਸਰਕਾਰੀ ਆਈ.ਟੀ.ਆਈਜ ਵਿੱਚ ਸੇਵਾਵਾਂ ਨਿਭਾ ਰਹੇ ਇਹ ਇੰਸਟਰਕਟਰ ਪਿਛਲੇ ਲੰਮੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਤਾਣੇ-ਬਾਣੇ ਹੇਠ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਤ ਕਰਨ ਸੰਬੰਧੀ ਕੋਈ ਠੋਸ ਨੀਤੀ ਲਾਗੂ ਨਹੀਂ ਕੀਤੀ ਗਈ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਡੀ.ਐਸ.ਟੀ.ਅਤੇ ਸੀ.ਟੀ.ਐਸ. ਸਕੀਮ ਤਹਿਤ ਕੰਮ ਕਰ ਰਹੇ ਸਮੂਹ ਇੰਸਟਰਕਟਰਾਂ ਨੂੰ ਬਿਨਾਂ ਸ਼ਰਤ ਵਿਭਾਗ ਅਧੀਨ ਲੈ ਕੇ ਸੇਵਾ ਸੁਰੱਖਿਆ ਦਿੱਤੀ ਜਾਵੇ, ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਬੰਦ ਕਰਕੇ ਉਨ੍ਹਾਂ ਨੂੰ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦਿੱਤੀ ਜਾਵੇ। ਯੂਨੀਅਨ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਕੋਈ ਹੱਲ ਨਾ ਕੱਢਿਆ, ਤਾਂ ਸੂਬਾ ਭਰ ਦੇ ਇੰਸਟਰਕਟਰ ਆਪਣੇ ਪਰਿਵਾਰਾਂ ਸਮੇਤ ਸਰਕਾਰ ਵਿਰੁੱਧ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨਗੇ। ਇਸ ਨਾਲ ਪੈਦਾ ਹੋਣ ਵਾਲੇ ਹਲਾਤਾਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਦੀ ਹੋਵੇਗੀ। ਇਸ ਸਮੇਂ ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ ਅਤੇ ਮਨਜਿੰਦਰ ਸਿੰਘ ਆਦਿ ਵੀ ਹਾਜਰ ਸਨ।

