
ਕੋਟਕਪੂਰਾ, 25 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਦਾ ਆਕਸਫੋਰਡ ਸਕੂਲ ਆਫ਼; ਐਜੂਕੇਸ਼ਨ ਭਗਤਾ ਭਾਈਕਾ’ ਵੱਲੋਂ ਵਿਸ਼ਵ ਪੰਜਾਬੀ ਦਿਵਸ ਇੱਕ ਨਿਵੇਕਲੇ ਢੰਗ ਨਾਲ ਮਨਾਇਆ ਗਿਆ।‘ਆਪਣਾ ਪੰਜਾਬ ਫਾਊਡੇਸ਼ਨ’ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਸੀ ਕਿ ਉਹ ਪੰਜਾਬੀ ਦੇ ਵਾਰਿਸ ਹੋਣ ਦੇ ਨਾਤੇ ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਆਪਣੇ ਪੱਧਰ ’ਤੇ ਮਨਾਉਣ। ਜ਼ਿਕਰਯੋਗ ਹੈ ਕਿ ਆਪਣਾ ਪੰਜਾਬ ਫਾਊਡੇਸ਼ਨ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਸੁਝਾਅ ਦਿੱਤਾ ਗਿਆ ਹੈ ਕਿਉਂਕਿ ਬਾਬਾ ਫ਼ਰੀਦ ਜੀ ਪੰਜਾਬੀ ਸਿਰਮੌਰ ਕਵੀਆਂ ਵਿੱਚੋਂ ਪਹਿਲੇ ਕਵੀ ਹਨ ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ। ੲਸ ਸੁਝਾਅ ਦਾ ਸਵਾਗਤ ਕਰਦੇ ਹੋਏ ‘ਆਕਸਫੋਰਡ ਸਕੂਲ’ ਦੇ ਬੱਚਿਆਂ ਅਤੇ ਸਮੂਹ ਸਟਾਫ਼ ਵੱਲੋਂ ਇਸ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਸਕੂਲ ਦੇ ਅਧਿਆਪਕਾ ਵੱਲੋਂ ਭਗਤਾ ਭਾਈ ਕਾ ਅਤੇ ਬਾਜਾਖਾਨਾ ਵਿਖੇ ਇੱਕ ਜਾਗਰੂਕਤਾ ਰੈਲੀ ਕੀਤੀ ਗਈ, ਜਿਸ ਵਿੱਚ ਸਮੂਹ ਰੂਪ ਵਿੱਚ ਇੱਕਤਰ ਹੋਏ ਲੋਕਾਂ ਨੇ ਵੀ ਆਪਣੀ ਮਾਂ-ਬੋਲੀ ਪ੍ਰਤੀ ਉੱਚੇ ਵਿਚਾਰ ਸਾਂਝੇ ਕੀਤੇ ਅਤੇ ਸੁਝਾਅ ਵੀ ਪੇਸ਼ ਕੀਤੇ। ਇਸ ਅਧੀਨ ਅਧਿਆਪਕਾਂ ਨੇ ਲੋਕਾਂ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਸਾਡੀ ਮਾਂ-ਬੋਲੀ ਵਿੱਚੋਂ ਅਲੋਪ ਹੋਏ ਸ਼ਬਦਾਂ ਦਾ ਜ਼ਿਕਰ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਕੂਲ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ, ਕਾਵਿ ਉਚਾਰਨ, ਕਾਵਿ ਲੇਖਣ, ਕਹਾਣੀ ਰਚਨਾ, ਪੋਸਟਰ ਮੁਕਾਬਲਾ, ਅੱਖਰਕਾਰੀ ਮੁਕਾਬਲਾ ਅਤੇ ਪੰਜਾਬੀ ਭਾਸ਼ਾ ਵਿੱਚ ਨਾਅਰਾ ਲਿਖਣ ਆਦਿ ਸ਼ਾਮਿਲ ਸਨ। ਬੱਚਿਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਇਹਨਾਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਗਿਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਅਧਿਆਪਕਾਂ ਅਤੇ ਬੱਚਿਆਂ ਦੀ ਬਹੁਤ ਸ਼ਲਾਘਾ ਕੀਤੀ ਅਤੇ ਸਮੁੱਚੇ ਪੰਜਾਬੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਾਂ-ਬੋਲੀ ਨਾਲ ਜੁੜੇ ਰਹਿਣਾ ਚਾਹੀਦਾ ਹੈ। ਕਿਉਕਿ ਮਾਂ-ਬੋਲੀ ਸਾਡੇ ਗੁਰੂਆਂ ਪੀਰਾਂ ਨੇ ਵਰਸੋਈ ਹੈ। ਇਸ ਤੋਂ ਬਿਨਾਂ ਮਨੁੱਖ ਦਾ ਸੰਪੂਰਨ ਵਿਕਾਸ ਸੰਭਵ ਨਹੀਂ ਹੈ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵੀ ਅਧਿਆਪਕਾ ਅਤੇ ਬੱਚਿਆਂ ਦੀ ਸ਼ਲਾਘਾ ਕੀਤੀ।