ਕੋਟਕਪੂਰਾ, 29 ਸਤੰਬਰ (ਟਿੰਕੂ ਕੁਮਾਰਵਰਲਡ ਪੰਜਾਬੀ ਟਾਈਮਜ਼)
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੌਰਾਨ ਕਰਵਾਏ ਗਏ ਸ਼ਬਦ ਮੁਕਾਬਲੇ ਵਿੱਚ ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਵੱਲੋਂ ਬਹੁਤ ਹੀ ਸੁਰੀਲੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ਬਦ ਗਾਇਨ ਪੇਸ਼ ਕੀਤਾ ਗਿਆ, ਜਿਸ ਨੂੰ ਦਰਸ਼ਕਾਂ ਅਤੇ ਪ੍ਰਬੰਧਕਾਂ ਵੱਲੋਂ ਖੂਬ ਸਰਾਹਿਆ ਗਿਆ। ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਦਸਮੇਸ਼ ਪਬਲਿਕ ਸਕੂਲ ਦੇ ਬੱਚਿਆਂ ਨੇ ਆਪਣੀ ਮਿਹਨਤ, ਲਗਨ ਅਤੇ ਸ਼ਾਨਦਾਰ ਪੇਸ਼ਕਾਰੀ ਦੇ ਦਮ ’ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜੇਤੂ ਟੀਮ ਨੂੰ ਪਹਿਲੇ ਇਨਾਮ ਵਜੋਂ 10,000 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਬੱਚਿਆਂ ਵਿੱਚ ਆਪਣੀ ਵਿਰਾਸਤ, ਗੁਰਬਾਣੀ ਅਤੇ ਸੱਭਿਆਚਾਰ ਨਾਲ ਜੁੜਨ ਦੀ ਭਾਵਨਾ ਪੈਦਾ ਕਰਦੇ ਹਨ। ਵਿਦਿਆਰਥੀਆਂ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਅਧਿਆਪਕਾਂ ਦੀ ਰਹਿਨੁਮਾਈ, ਮਾਪਿਆਂ ਦੇ ਸਹਿਯੋਗ ਅਤੇ ਲਗਾਤਾਰ ਕੀਤੀ ਮਿਹਨਤ ਨੂੰ ਦਿੱਤਾ।
