ਕੋਟਕਪੂਰਾ/ਪੰਜਗਰਾਈਂ ਕਲਾਂ, 16 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ)
ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨ ਵਾਲਾ-ਘਣੀਏ ਵਾਲਾ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਦੇਸ਼ ਭਗਤੀ ਦੇ ਜਜ਼ਬੇ ਨਾਲ ਸਰਾਬੋਰ ਰਿਹਾ। ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ *ਗੀਤ, ਕਵਿਤਾਵਾਂ, ਭਾਸ਼ਣ, ਨਾਟਕ ਅਤੇ ਸ਼ਾਨਦਾਰ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ।* ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਆਜ਼ਾਦੀ ਘੁਲਾਟੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਸਮਰਪਣ ਦੀ ਭਾਵਨਾ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਕੀਤਾ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਸਮਾਗਮ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਇਸ ਮੌਕੇ ਸਕੂਲ ਦੇ *ਪ੍ਰਿੰਸੀਪਲ ਸ੍ਰੀ ਸੁਖਜਿੰਦਰ ਸਿੰਘ ਅਤੇ ਚੇਅਰਪਰਸਨ ਸ੍ਰੀਮਤੀ ਚਰਨਜੀਤ ਕੌਰ ਗਿੱਲ* ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਅਤੇ ਅਧਿਆਪਕਾਂ ਦੀ ਮਿਹਨਤ ਤੇ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਅਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਦੇਸ਼ ਦੀ ਖੁਸ਼ਹਾਲੀ, ਸ਼ਾਂਤੀ, ਏਕਤਾ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ। ਸਮੂਹ ਸਕੂਲ ਪਰਿਵਾਰ ਨੇ ਦੇਸ਼ ਦੀ ਆਜ਼ਾਦੀ ਦੀ ਰੱਖਿਆ, ਇਸ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਚੰਗੇ ਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਕਲਪ ਲਿਆ।

