ਕੋਟਕਪੂਰਾ, 6 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਜੀ ਦੀ ਪੁਰਜ਼ੋਰ ਸਿਫ਼ਾਰਿਸ਼ ’ਤੇ ਪਿੰਡ ਕੰਮੇਆਣਾ ਦੇ ਵਸਨੀਕ ਸੰਦੀਪ ਸਿੰਘ ਬਰਾੜ ਕੰਮੇਆਣਾ ਨੂੰ ਲਗਾਤਾਰ ਚੌਥੀ ਵਾਰ “ਆਪ” ਦਾ ਬਲਾਕ ਪ੍ਰਧਾਨ ਨਿਯੁਕਤ ਕਰਕੇ ਨੌਜਵਾਨਾਂ ਦੇ ਹੌਸਲੇ ਬੁਲੰਦ ਕੀਤੇ ਗਏ ਹਨ, ਜਿਸ ਨਾਲ ਹਲਕੇ ਦੇ ਵਲੰਟੀਅਰਾਂ ਅਤੇ ਹੋਰ ਨੌਜਵਾਨਾਂ ਵਿੱਚ ਇਕ ਨਵੀਂ ਰੂਹ ਫੂਕੀ ਗਈ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ, ਜਿਲਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਅਤੇ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਸੰਦੀਪ ਸਿੰਘ ਕੰਮੇਆਣਾ ਨੂੰ ਚੌਥੀ ਵਾਰ ਬਲਾਕ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਯੋਗ ਅਹੁਦੇ ਦੇ ਕੇ ਨਿਵਾਜਦੀ ਹੈ, ਜਿਸ ਸਦਕਾ ਅੱਜ ਵਲੰਟੀਅਰਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਵਾਲੀ ਰੌਣਕ ਦੇਖੀ ਜਾ ਸਕਦੀ ਹੈ। ਇਸ ਮੌਕੇ ਸੰਦੀਪ ਸਿੰਘ ਕੰਮੇਆਣਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਮੁਨੀਸ਼ ਸਿਸੋਦੀਆ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਦਿ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਅੱਗੇ ਤੋਂ ਹੋਰ ਵੀ ਵਧੇਰੇ ਜ਼ਿੰਮੇਵਾਰੀ ਨਾਲ ਪਾਰਟੀ ਲਈ ਦਿਨ-ਰਾਤ ਇਕ ਕਰਕੇ 2027 ਵਿਚ ਦੁਬਾਰਾ ਸਰਕਾਰ ਲਈ ਅਹਿਮ ਯੋਗਦਾਨ ਪਾਉਣਗੇ। ਉਹਨਾਂ ਕਿਹਾ ਕਿ ਉਹ ਹਾਈਕਮਾਂਡ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।