ਬੇਕਸੂਰ ਦਲਿਤ ਆਗੂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ : ਨੀਤੂ ਕਪੂਰ ਸਿੰਗਲਾ
ਆਖਿਆ! ਦਲਿਤ ਸਮਾਜ ਲਈ ਕਾਂਗਰਸ ਦਾ ਰਵੱਈਆ ਹਮੇਸ਼ਾ ਰਿਹਾ ਹੈ ਸਵਾਲਾਂ ਦੇ ਘੇਰੇ ਵਿੱਚ
ਕੋਟਕਪੂਰਾ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੇਕਸੂਰ ਦਲਿਤ ਆਗੂ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਕਾਂਗਰਸੀ ਆਗੂਆਂ ਦੇ ਅੜੀਅਲ ਅਤੇ ਧੱਕੇਸ਼ਾਹੀ ਭਰੇ ਰਵੱਈਏ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖ਼ੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਵਿੱਚ ਮਾਰਕੀਟ ਕਮੇਟੀ ਸਾਦਕ ਦੇ ਚੇਅਰਮੈਨ ਮੈਡਮ ਨੀਤੂ ਕਪੂਰ ਸਿੰਗਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਨੀਤੂ ਕਪੂਰ ਸਿੰਗਲਾ ਨੇ ਕਿਹਾ ਕਿ ਦਲਿਤ ਸਮਾਜ ਦੇ ਹੱਕਾਂ ਅਤੇ ਸੁਰੱਖਿਆ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਰਵੱਈਆ ਹਮੇਸ਼ਾ ਹੀ ਸਵਾਲਾਂ ਦੇ ਘੇਰੇ ਵਿੱਚ ਰਿਹਾ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਿਸੇ ਵੀ ਬੇਕਸੂਰ ਵਿਅਕਤੀ ਨਾਲ ਜਾਤੀ, ਸਮਾਜਿਕ ਜਾਂ ਰਾਜਨੀਤਿਕ ਆਧਾਰ ‘ਤੇ ਹੋਣ ਵਾਲੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਗੁੰਡਾਗਰਦੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਪੀੜਤ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ। ਇਸ ਰੋਸ ਧਰਨੇ ਦੌਰਾਨ ‘ਆਪ’ ਦੀ ਸੀਨੀਅਰ ਲੀਡਰਸ਼ਿਪ ਵੀ ਪੂਰੀ ਤਰ੍ਹਾਂ ਲਾਮਬੰਦ ਨਜ਼ਰ ਆਈ। ਧਰਨੇ ਵਿੱਚ ਪੰਜਾਬ ਦੇ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ, ਇੰਪਰੂਵਮੈਂਟ ਟਰਸਟ ਫਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਅਤੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਆਦਿ ਨੇ ਵੀ ਹਾਜ਼ਰੀ ਭਰੀ ਅਤੇ ਕਾਂਗਰਸ ਦੀਆਂ ਨੀਤੀਆਂ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ‘ਆਪ’ ਵਰਕਰਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਦਲਿਤ ਆਗੂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

