ਅਮਨ-ਕਾਨੂੰਨ ਦੀ ਸਥਿੱਤੀ ਨੂੰ ਮਜ਼ਬੂਤ ਕਰਨਾ ਮੁੱਖ ਟੀਚਾ-ਮੁੱਖ ਅਫਸਰ
ਪੰਜਗਰਾਈਂ ਕਲਾਂ/ਕੋਟਕਪੂਰਾ, 25 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਸੁਧਾਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਨੇ ਅੱਜ ਸਮਾਲਸਰ ਥਾਣੇ ਦੇ ਮੁੱਖ ਅਫ਼ਸਰ (ਐੱਸ.ਐੱਚ.ਓ.) ਵਜੋਂ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ। ਥਾਣੇ ਪਹੁੰਚਣ ’ਤੇ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਥਾਣਾ ਮੁਖੀ ਇਕਬਾਲ ਸਿੰਘ ਰੋਮਾਣਾ ਨੇ ਕਿਹਾ ਕਿ ਇਲਾਕੇ ਵਿੱਚੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਦਾ ਖਾਤਮਾ ਕਰਨਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਉਹਨਾਂ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਨਾਗਰਿਕ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਬਿਨਾਂ ਕਿਸੇ ਪੱਖਪਾਤ ਦੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਅਪਰਾਧ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ। ਥਾਣਾ ਮੁਖੀ ਨੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਲਹਿਜੇ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਥਾਣੇ ਦੇ ਸਮੂਹ ਸਟਾਫ਼ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਇਕਬਾਲ ਸਿੰਘ ਰੋਮਾਣਾ ਨੂੰ ਜੀ ਆਇਆਂ ਆਖਿਆ ਅਤੇ ਉਨ੍ਹਾਂ ਦੀ ਨਵੀਂ ਨਿਯੁਕਤੀ ’ਤੇ ਸ਼ੁਭਕਾਮਨਾਵਾਂ ਦਿੱਤੀਆਂ।
