ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੋਗਾ-ਕੋਟਕਪੂਰਾ ਰੋਡ ’ਤੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈ ਕਲਾਂ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਮੌਕੇ ਗਾਂਧੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਦੇਸ਼ ਦੇ ਆਜ਼ਾਦੀ ਅੰਦੋਲਨ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ ਅਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਗਾਂਧੀ ਜੀ ਦੇ ਸੱਚ, ਅਹਿੰਸਾ, ਸ਼ਾਂਤੀ, ਸਾਦਗੀ ਅਤੇ ਸੇਵਾ ਦੇ ਸੰਦੇਸ਼ ਨੂੰ ਉਜਾਗਰ ਕੀਤਾ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ।ਇਸ ਮੌਕੇ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਵਰਮਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਦੇ ਸੱਚ, ਅਹਿੰਸਾ ਅਤੇ ਸ਼ਾਂਤੀ ਦੇ ਸਿਧਾਂਤ ਅੱਜ ਵੀ ਸਾਡੇ ਜੀਵਨ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸਮਾਪਨ ਗਾਂਧੀ ਜੀ ਦੇ ਆਦਰਸ਼ਾਂ ’ਤੇ ਚੱਲਣ ਅਤੇ ਇੱਕ ਸਾਫ਼-ਸੁਥਰੇ, ਸ਼ਾਂਤਮਈ ਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੇ ਸੰਕਲਪ ਨਾਲ ਹੋਇਆ।

