ਘੋੜਸਵਾਰੀ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਿਲੇਗਾ ਹੁਲਾਰਾ

ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਘੋੜਸਵਾਰੀ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਉਤਸੁਕਤਾ ਨਾਲ ਭਾਗ ਲਿਆ ਅਤੇ ਘੋੜਸਵਾਰੀ ਦੀ ਕਲਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਘੋੜਸਵਾਰੀ ਦੇ ਮੁੱਢਲੇ ਨਿਯਮਾਂ, ਘੋੜਿਆਂ ਦੀ ਦੇਖਭਾਲ ਅਤੇ ਉਨ੍ਹਾਂ ਨਾਲ ਸਹੀ ਢੰਗ ਨਾਲ ਵਿਹਾਰ ਕਰਨ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਹਿੰਮਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਯਤਨ ਕੀਤਾ ਗਿਆ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਵਰਮਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਅਜਿਹੀਆਂ ਵਿਹਾਰਕ ਗਤੀਵਿਧੀਆਂ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਘੋੜਸਵਾਰੀ ਸੈਸ਼ਨ ਵਿਦਿਆਰਥੀਆਂ ਲਈ ਇੱਕ ਨਵਾਂ ਅਤੇ ਰੋਮਾਂਚਕ ਅਨੁਭਵ ਸਾਬਤ ਹੋਇਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਨਵੀਆਂ ਕਲਾਵਾਂ ਸਿੱਖਣ ਅਤੇ ਆਪਣੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਮੌਕੇ ਪ੍ਰਦਾਨ ਕਰਨ ਲਈ ਹਮੇਸ਼ਾ ਯਤਨਸ਼ੀਲ ਹੈ।

