ਕੋਟਕਪੂਰਾ, 25 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੋ ਵਿਖੇ ਐਨਐਸਐਸ ਯੂਨਿਟ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੌਦੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵੱਲੋਂ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਮਿੰਦਰ ਕੌਰ, ਸਕੂਲ ਦੇ ਡੀਪੀਈ ਜਸਕਰਨ ਸਿੰਘ ਅਤੇ ਜਸ਼ਨਦੀਪ ਸਿੰਘ ਹਾਜ਼ਰ ਸਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਐਨਐਸਐਸ ਯੂਨਿਟ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਦਿਆਂ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਵੱਲੋਂ ਵਾਤਾਵਰਨ ਦੀ ਸੁਰੱਖਿਆ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ। ਐਨ.ਐਸ.ਐਸ. ਡੇ ਦੇ ਸਬੰਧ ਵਿੱਚ ਸਕੂਲ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਸ੍ਰੀਮਤੀ ਸ਼ਮਿੰਦਰ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਦੱਸਿਆ ਕਿ ਐੱਨ.ਐੱਸ.ਐੱਸ. ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਚਲਾਇਆ ਜਾਂਦਾ ਇੱਕ ਬਹੁਤ ਹੀ ਮਹੱਤਵਪੂਰਨ ਪ੍ਰੋਗਰਾਮ ਹੈ, ਜੋ ਨੌਜਵਾਨਾਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਬਣਾਇਆ ਗਿਆ ਹੈ। ਐੱਨ.ਐੱਸ.ਐੱਸ. ਦੇ ਇਤਿਹਾਸ ਬਾਰੇ ਦੱਸਦੇ ਹੋਏ ਕਿਹਾ ਕਿ ਐੱਨ.ਐੱਸ.ਐੱਸ. ਦੀ ਸ਼ੁਰੂਆਤ 24 ਸਤੰਬਰ 1969 ਨੂੰ ਮਹਾਤਮਾ ਗਾਂਧੀ ਦੇ ਜਨਮ ਸ਼ਤਾਬਦੀ ਸਾਲ ਵਿੱਚ ਹੋਈ ਸੀ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸ਼ਖਸੀਅਤ ਅਤੇ ਚਰਿੱਤਰ ਨੂੰ ਸਮਾਜ ਸੇਵਾ ਰਾਹੀਂ ਵਿਕਸਤ ਕਰਨਾ ਹੈ। ਗਾਂਧੀ ਜੀ ਦਾ ਮੰਨਣਾ ਸੀ ਕਿ ਦੇਸ਼ ਦੀ ਸੇਵਾ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਐੱਨ.ਐੱਸ.ਐੱਸ. ਇਸੇ ਸਿਧਾਂਤ ‘ਤੇ ਅਧਾਰਤ ਹੈ। ਫਿਰ ਉਹਨਾਂ ਦੱਸਿਆ ਕਿ ਐੱਨ.ਐੱਸ. ਐੱਸ. ਦਾ ਮਨੋਰਥ ਹੈ “ਮੈਂ ਨਹੀਂ, ਤੁਸੀਂ” ਇਹ ਸਿਧਾਂਤ ਨਿਰਸਵਾਰਥ ਸੇਵਾ ਦੀ ਭਾਵਨਾ ਨੂੰ ਦਰਸਾਉਂਦਾ ਹੈ ਅਤੇ ਲੋਕਤੰਤਰੀ ਜੀਵਨ-ਸ਼ੈਲੀ ਨੂੰ ਬੜਾਵਾ ਦਿੰਦਾ ਹੈ।

