
ਕੋਟਕਪੂਰਾ, 20 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਨਾਮੀ ਸਿੱਖਿਆ ਸੰਸਥਾ ਐਸ ਬੀ ਆਰ ਐਸ ਗੁਰੂਕੁਲ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਉਤਸਵ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ‘ਤੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਵੇਂ ਕਿ ਡਰਾਇੰਗ ਮੁਕਾਬਲਾ, ਦੀਵੇ ਸਜਾਵਟ ਮੁਕਾਬਲਾ, ਪੂਜਾ ਥਾਲੀ ਸਜਾਵਟ ਮੁਕਾਬਲਾ ਅਤੇ ਰੰਗੋਲੀ ਬਣਾਉਣ ਦਾ ਮੁਕਾਬਲਾ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਜੋਸ਼ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਸੱਭਿਆਚਾਰ ਪ੍ਰਤੀ ਪਿਆਰ ਦਾ ਪ੍ਰਗਟਾਵਾ ਕੀਤਾ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਤਿਉਹਾਰ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਵੇਰ ਦੀ ਸਭਾ ਵਿੱਚ ਦੀਵਾਲੀ ਤਿਉਹਾਰ ਨਾਲ ਸਬੰਧਤ ਵਿਸ਼ੇ ਉੱਤੇ ਸਮੂਹ ਅਧਿਆਪਕ ਵਰਗ ਵੱਲੋਂ ਭਾਸ਼ਣ ਦਿੱਤੇ ਗਏ ਅਤੇ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਵਿਦਿਆਰਥੀਆਂ ਨੂੰ ਇਸ ਗੱਲ ਪ੍ਰਤੀ ਜਾਗਰੂਕ ਕੀਤਾ ਗਿਆ ਕਿ ਦੀਵਾਲੀ ਦੇ ਪਟਾਕੇ ਜਿੱਥੇ ਸਰੀਰਕ ਨੁਕਸਾਨ ਦਾ ਕਾਰਨ ਬਣ ਸਕਦੇ ਹਨ ਉੱਥੇ ਹੀ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਿੱਚ ਮੁੱਖ ਰੋਲ ਅਦਾ ਕਰਦੇ ਹਨ, ਸੋ ਚੰਗੀ ਸਿਹਤ ਅਤੇ ਸਾਫ ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਵਿਦਿਆਰਥੀਆਂ ਨੂੰ ਪਟਾਕਿਆਂ ਰਹਿਤ ਗ੍ਰੀਨ ਦਿਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਨੇ ਸਾਰੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਸਾਫ਼-ਸੁਥਰੇ ਅਤੇ ਸੁਰੱਖਿਅਤ ਤਰੀਕੇ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ। ਜਿੱਥੇ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਦੀਵਾਲੀ ਤਿਉਹਾਰ ਲਈ ਵਧਾਈਆਂ ਦਿੱਤੀਆਂ ਗਈਆਂ ਉੱਥੇ ਹੀ ਮਾਪਿਆਂ ਨੂੰ ਵੀ ਸ਼ੁੱਭਕਾਮਨਾਵਾਂ ਦਾ ਸੁਨੇਹਾ ਦਿੱਤਾ ਗਿਆ।
