ਕੋਟਕਪੂਰਾ, 31 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਸੇਵਾਵਾਂ ਵਿੱਚ ਹੋਰ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਐੱਸ.ਐੱਸ.ਪੀ. ਦਿਗਵਿਜੈ ਕਪਿਲ ਨੂੰ ਬਠਿੰਡਾ ਰੇਂਜ ਦੇ ਨਾਲ-ਨਾਲ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐੱਸ.ਐੱਸ.ਪੀ. ਦਿਗਵਿਜੈ ਕਪਿਲ ਜੋ ਕਿ ਇੱਕ ਕਾਬਲ, ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ, ਰਾਸ਼ਟਰਪਤੀ ਪੁਲਿਸ ਮੈਡਲ (2023) ਅਤੇ ਮੁੱਖ ਮੰਤਰੀ ਮੈਡਲ ਸ਼ਾਨਦਾਰ ਕਰਤੱਵ ਨਿਭਾਉਣ ਲਈ (2024) ਨਾਲ ਸਨਮਾਨਿਤ ਹੋ ਚੁੱਕੇ ਹਨ। ਐੱਸ.ਐੱਸ.ਪੀ. ਦਿਗਵਿਜੈ ਕਪਿਲ ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਮੁੱਖ ਜ਼ਿੰਮੇਵਾਰੀ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ, ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ-ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਿਗਰਾਨ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਵਿਜੀਲੈਂਸ ਬਿਊਰੋ ਨਾਲ ਸਾਂਝੀ ਕਰਨ।
