ਕਿਸਾਨਾਂ ਅਤੇ ਪਿੰਡ ਪੱਧਰੀ ਨੁਮਾਇੰਦਿਆਂ ਨੂੰ ਪਰਾਲੀ ਪ੍ਰਬੰਧਨ ਲਈ ਸਹਿਯੋਗ ਦੇਣ ਦੀ ਕੀਤੀ ਅਪੀਲ- ਰਿਚਾ ਗੋਇਲ

ਪਟਿਆਲਾ, 6 ਨਵੰਬਰ:(ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਜ਼ਮੀਨੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਡੀ.ਐੱਮ. ਸਮਾਣਾ ਰਿਚਾ ਗੋਇਲ ਨੇ ਡੀ.ਐੱਸ.ਪੀ. ਫਤਿਹ ਸਿੰਘ ਬਰਾੜ ਸਮੇਤ ਪ੍ਰੇਮਗੜ੍ਹ ਅਤੇ ਸ਼ਾਹਪੁਰ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਨੰਬਰਦਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ‘ਤੇ ਸਾਂਝੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨੰਬਰਦਾਰ ਆਪਣੇ ਪਿੰਡਾਂ ਦੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਤੇ ਹੋਰ ਉਪਲਬਧ ਤਰੀਕਿਆਂ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਹਨ।
ਐੱਸ.ਡੀ.ਐੱਮ. ਨੇ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਵੀ ਲਈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਤੱਕ ਪਰਾਲੀ ਪ੍ਰਬੰਧਨ ਦੇ ਵਿਗਿਆਨਕ ਅਤੇ ਵਾਤਾਵਰਨ ਪੱਖੀ ਤਰੀਕਿਆਂ ਦੀ ਜਾਣਕਾਰੀ ਪਹੁੰਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਅਤ ਰੱਖਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਕਿਸਾਨਾਂ, ਪਿੰਡਾਂ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਬੇਹੱਦ ਮਹੱਤਵਪੂਰਨ ਹੈ।

