ਮਹਿਲਾਵਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਕੋਟਕਪੂਰਾ, 21 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ, ਜਿਸ ਤਹਿਤ ਐਸ.ਸੀ. ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਸਪ੍ਰੀਤ ਕੌਰ ਜੱਸੀ ਕਲਿਆਣ ਮਹਿਲਾ ਵਿੰਗ ਕੋਆਰਡੀਨੇਟਰ ਆਮ ਆਦਮੀ ਪਾਰਟੀ ਕੋਟਕਪੂਰਾ ਅਤੇ ਪੂਨਮ ਰਾਣੀ ਬਲਾਕ ਕੋਆਰਡੀਨੇਟਰ ਆਮ ਆਦਮੀ ਪਾਰਟੀ ਕੋਟਕਪੂਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਉਹਨਾਂ ਕਿਹਾ ਕਿ ਇਹ ਯੋਜਨਾ ਖਾਸ ਤੌਰ ’ਤੇ ਘਰੇਲੂ ਮਹਿਲਾਵਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ, ਤਾਂ ਜੋ ਉਹ ਆਪਣੀਆਂ ਛੋਟੀਆਂ-ਮੋਟੀਆਂ ਲੋੜਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪੂਰਾ ਕਰ ਸਕਣ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਲਈ ਮਹਿਲਾਵਾਂ ਨੂੰ ਆਪਣੇ ਆਧਾਰ ਕਾਰਡ, ਬੈਂਕ ਖਾਤਾ ਵੇਰਵੇ ਅਤੇ ਪਰਿਵਾਰਕ ਜਾਣਕਾਰੀ ਦੇ ਦਸਤਾਵੇਜ਼ ਜ਼ਰੂਰੀ ਤੌਰ ’ਤੇ ਨਾਲ ਲੈ ਕੇ ਆਉਣੇ ਹੋਣਗੇ। ਜਸਪ੍ਰੀਤ ਜੱਸੀ ਨੇ ਅੱਗੇ ਦੱਸਿਆ ਕਿ ਰਜਿਸਟਰੇਸ਼ਨ ਪ੍ਰਕਿਰਿਆ ਸਰਕਾਰੀ ਕੇਂਦਰਾਂ ਅਤੇ ਨਿਰਧਾਰਤ ਸਹੂਲਤ ਕੇਂਦਰਾਂ ’ਤੇ ਕੀਤੀ ਜਾਵੇਗੀ, ਜਿੱਥੇ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। ਪੂਨਮ ਰਾਣੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਦੀ ਆਰਥਿਕ ਸਥਿੱਤੀ ਵਿੱਚ ਸੁਧਾਰ ਲਿਆਉਣਾ ਹੈ। ਉਹਨਾਂ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈਣ ਲਈ ਰਜਿਸਟਰੇਸ਼ਨ ਕਰਵਾਉਣ ਅਤੇ ਆਪਣੇ ਦਸਤਾਵੇਜ਼ ਪਹਿਲਾਂ ਤੋਂ ਹੀ ਤਿਆਰ ਰੱਖਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਲਈ ਇੱਕ ਸੁਨਹਿਰੀ ਮੌਕਾ ਹੈ, ਜਿਸ ਨਾਲ ਉਹ ਆਪਣੀ ਜ਼ਿੰਦਗੀ ਨੂੰ ਹੋਰ ਸੁਧਾਰ ਸਕਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਮਹਿਲਾ ਨੂੰ ਰਜਿਸਟਰੇਸ਼ਨ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਸਹੂਲਤ ਕੇਂਦਰ ਜਾਂ ਸਾਡੇ ਨਾਲ ਸੰਪਰਕ ਕਰ ਸਕਦੀ ਹੈ। ਸਰਕਾਰ ਵਲੋਂ ਇਸ ਯੋਜਨਾ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਇਹ ਯੋਜਨਾ ਮਹਿਲਾਵਾਂ ਦੀ ਜ਼ਿੰਦਗੀ ਵਿਚ ਸਕਾਰਾਤਮਕ ਬਦਲਾਅ ਲਿਆਵੇਗੀ। ਇਸ ਮੌਕੇ ਹੋਰਨਾ ਤੋਂ ਇਲਾਵਾ ਰੂਬੀ ਰਾਣੀ, ਰਣਜੀਤ ਕੌਰ, ਰਮਨਪ੍ਰੀਤ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਵੀਰਪਾਲ ਕੌਰ ਆਦਿ ਵੀ ਹਾਜਰ ਸਨ।

