ਕੋਟਕਪੂਰਾ, 2 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ, ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ, ਕੁਝ ਥਾਵਾਂ ’ਤੇ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰ ਰਹੀ ਹੈ ਜਿਸ ਤੋਂ ਸੁਚੇਤ ਰਹਿੰਦੀਆਂ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਗੁਲਾਬੀ ਸੁੰਡੀ ਤਾਂ ਹਰੇਕ ਤਰਾਂ ਦੀ ਤਕਨੀਕ ਨਾਲ ਬਿਜਾਈ ਕੀਤੀ ਗਈ ਕਣਕ ਦੀ ਫਸਲ ਉੱਪਰ ਹਮਲਾ ਕਰ ਸਕਦੀ ਹੈ। ਕਣਕ ਤੋਂ ਇਲਾਵਾ ਇਹ ਸੁੰਡੀ ਮੱਕੀ, ਝੋਨਾ, ਬਾਸਮਤੀ ਅਤੇ ਜਵਾਰ ਵਿਚ ਵੀ ਹਮਲਾ ਕਰਦੀ ਹੈ, ਇਸ ਲਈ ਗੁਲਾਬੀ ਸੁੰਡੀ ਤੋਂ ਡਰਨ ਦੀ ਨਹੀਂ ਸਗੋਂ ਸਮੇਂ ਸਿਰ ਸਿਫਾਰਸ਼ਸ਼ੁਦਾ ਤਕਨੀਕਾਂ ਵਰਤ ਕੇ ਇਲਾਜ ਕਰਨ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ ਗੁਲਾਬੀ ਸੁੰਡੀ, ਜਦੋਂ ਝੋਨੇ ਦੀ ਫਸਲ ਵਿੱਚ ਹੁੰਦੀ ਹੈ ਤਾਂ ਫਸਲ ਦੀ ਕਟਾਈ ਉਪਰੰਤ ਝੋਨੇ ਦੇ ਮੁੱਢਾਂ ਵਿੱਚ ਲੁਕ ਕੇ ਮਿੱਟੀ ਵਿੱਚ ਨਿਵਾਸ ਕਰਦੀ ਹੈ। ਇਸ ਸੁੰਡੀ ਦੇ ਮਾਦਾ ਪਤੰਗੇ ਤਣੇ ਦੁਆਲੇ ਪੱਤੇ ਵਿਚ ਅੰਡੇ ਦਿੰਦੀਆਂ ਹਨ ਜਿਸ ਵਿਚੋਂ ਮੌਸਮ ਦੇ ਹਿਸਾਬ ਨਾਲ 6-7 ਦਿਨਾਂ ਬਾਅਦ ਸੁੰਡੀਆਂ ਨਿਕਲ ਕੇ ਤਣੇ ਵਿਚ ਮੋਰੀ ਕਰਕੇ ਤਣੇ ਅੰਦਰਲਾ ਮਾਦਾ ਖਾਂਦੀਆਂ ਹਨ। ਸੁੰਡੀਆਂ ਦੁਆਰਾ ਤਣੇ ਅੰਦਰਲਾ ਮਾਦਾ ਖਾਣ ਨਾਲ ਮੁੱਖ ਸਾਖ ਸੁੱਕ ਜਾਂਦੀ ਹੈ ਅਤੇ ਬੂਟਾ ਪੀਲਾ ਪੈ ਕੇ ਸੁੱਕ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਗੱਲ ਦਾ ਖਿਆਲ ਰੱਖਣਾ ਹੈ ਕਿ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋਂ ਉੱਪਰ ਨਾਂ ਜਾਵੇ ਮਤਲਬ ਕਿ ਜੇਕਰ ਹਮਲਾ ਜਿਆਦਾ ਹੈ ਤਾਂ ਕੀਟਨਾਸਕਾਂ ਦੀ ਵਰਤੋਂ ਕਰੋ। ਕਈ ਵਾਰ ਜੇਕਰ ਸਮੇਂ ਸਿਰ ਇਲਾਜ ਨਾਂ ਕੀਤਾ ਜਾਵੇ ਤਾਂ ਸੁੰਡੀ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਕਰ ਦਿੰਦੀ ਹੈ। ਉਹਨਾਂ ਦੱਸਿਆ ਕਿ ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਗੋਂ ਸਮੇਂ ਸਿਰ ਸਿਫਾਰਸਸੁਦਾ ਤਕਨੀਕਾਂ ਵਰਤ ਕੇ ਇਲਾਜ ਕਰਨ ਦੀ ਜਰੂਰਤ ਹੈ। ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਉਨਾਂ ਦਸਿਆ ਕਿ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜਦੋਂ ਵੀ ਕੋਈ ਬੂਟਾ ਸੁੱਕਾ ਹੋਇਆ ਦਿਖਾਈ ਦਿੰਦਾ ਹੈ ਤਾਂ ਬੇਧਿਆਨਾ ਨਾ ਕਰੋ। ਪ੍ਰਭਾਵਤ ਬੂਟਾ ਪੁੱਟ ਕੇ ਬੂਟੇ ਨੂੰ ਪਾੜ ਕੇ ਦੇਖੋ ਜੇਕਰ ਹਲਕੀ ਗੁਲਾਬੀ ਸੁੰਡੀ ਜਿਸ ਦਾ ਸਿਰ ਹਲਕਾ ਭੂਰਾ ਹੋਵੇਗਾ, ਦਿਖਾਈ ਦੇਵੇ ਤਾਂ ਖੇਤੀਬਾੜੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਓ। ਉਨਾਂ ਦੱਸਿਆ ਕਿ ਕਣਕ ਦੀ ਫਸਲ ਨੂੰ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਫਸਲ ਦਾ ਨਿਰੰਤਰ ਨਿਰੀਖਣ ਕਰੋ, ਜੇਕਰ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋਂ ਜ਼ਿਆਦਾ ਹੋਵੇ ਤਾਂ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ 7 ਕਿਲੋ ਫਿਪਰੋਨਿਲ ਜਾਂ ਇੱਕ ਲਿਟਰ ਕਲੋਰੋਪਾਈਰੀਫਾਸ ਨੂੰ 20 ਈ.ਸੀ. ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਰਲਾ ਕੇ ਛਿੱਟਾ ਦੇ ਦਿਉ। ਕਣਕ ਦੀ ਫਸਲ ਨੂੰ ਦਿਨ ਸਮੇਂ ਪਹਿਲਾ ਪਾਣੀ ਲਾਉਣ ਨੂੰ ਤਰਜ਼ੀਹ ਦਿਓ ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ। ਉਹਨਾਂ ਦੱਸਿਆ ਕਿ ਜੇਕਰ ਪਹਿਲਾ ਪਾਣੀ ਲਾਉਣ ਤੋਂ ਬਾਅਦ ਸੁੰਡੀ ਦਾ ਹਮਲਾ ਦਿਖਾਈ ਦਿੰਦਾ ਹੈ ਤਾਂ 50 ਮਿਲੀ ਲਿਟਰ ਕਲੋਰਐਂਟਰਾਨਿਲੀਪਰੋਲ 18.5 ਐਸ ਸੀ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਨੂਪ ਸੈਕ ਛਿੜਕਾਅ ਪੰਪ ਵਰਤ ਕੇ ਗੋਲ ਨੋਜ਼ਲ ਨਾਲ ਛਿੜਕਾਅ ਕਰੋ।
