ਕੋਟਕਪੂਰਾ, 11 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕਿਸਾਨ ਜਥੇਬੰਦੀਆਂ ਵੱਲੋਂ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ ਦੇ ਘਰ ਦਾ ਘਿਰਾਓ ਕਰਕੇ ਨਾਹਰੇਬਾਜੀ ਕੀਤੀ ਗਈ। ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਗੁੱਸਾ ਹੈ। ਹੁਣ ਤੱਕ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਯੂਨਾਈਟਿਡ ਕਿਸਾਨ ਮੋਰਚੇ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਅੱਜ ਫਰੀਦਕੋਟ ਵਿੱਚ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਵੱਲੋਂ ਧਰਨੇ ਦੀ ਅਗਵਾਈ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖੁੱਲੇ ਆਮ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀਆਂ ਹਨ। ਜਿਸ ਕਰਕੇ ਅੱਜ ਪੂਰੇ ਪੰਜਾਬ ਵਿੱਚ ਮਾਨ ਸਰਕਾਰ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ। ਇਸੇ ਤਹਿਤ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਘਰ ਦਾ ਘਿਰਾਓ ਵੀ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੌਰਾਨ ਕਿਸਾਨਾਂ ਨਾਲ ਸਹੀ ਢੰਗ ਨਾਲ ਗੱਲਬਾਤ ਨਹੀਂ ਕੀਤੀ ਅਤੇ ਜਿਸ ਤਰ੍ਹਾਂ ਉਹ ਮੀਟਿੰਗ ਛੱਡ ਕੇ ਚਲੇ ਗਏ। ਉਹ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਅੱਜ ‘ਆਪ’ ਦੇ ਸਾਰੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਸਰਕਾਰ ਨਾਲ ਅਸਹਿਮਤੀ ਪ੍ਰਗਟਾਉਣ ਲਈ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਹਾਲ ਹੀ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਜਿਸਦਾ ਕਾਰਨ ਇਹ ਸੀ ਕਿ ਭਗਵੰਤ ਮਾਨ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ ਅਤੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੋਈ ਦਿਲਚਸਪੀ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਹੇਠ ਲਿਖੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਜਿੰਨ੍ਹਾਂ ਵਿੱਚ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣਾ, ਪੀਣ ਵਾਲਾ ਪਾਣੀ ਹਰ ਘਰ ਤੱਕ ਪਹੁੰਚਾਉਣਾ, ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਕੁਝ ਫ਼ਸਲਾਂ ’ਤੇ ਐਮ.ਐਸ.ਪੀ. ਦੇਣ ਆਦਿ।