ਕਿਸਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੁਣ : ਡਿਪਟੀ ਕਮਿਸ਼ਨਰ

ਕੋਟਕਪੂਰਾ, 28 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਮਾਣਯੋਗ ਸੁਪਰੀਮ ਕੋਰਟ ਅਤੇ ਸੈਂਟਰਲ ਏਅਰ ਕੁਆਲਿਟੀ ਮੈਨੇਜਮੈਂਟ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਵੱਲੋਂ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਕਲੱਸਟਰ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਨੋਡਲ ਅਫਸਰਾਂ ਨਾਲ ਮਿਲ ਕੇ ਪਿੰਡਾਂ ਵਿੱਚ ਦੌਰੇ ਕਰਨ ਅਤੇ ਕਿਸਾਨਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਅਤੇ ਨਾੜ ਨੂੰ ਅੱਗ ਲਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਉੱਤੇ ਵੀ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਵੀ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੋ ਪ੍ਰਚਾਰ ਵੈਨਾਂ ਰਾਹੀਂ ਪਿੰਡ-ਪਿੰਡ ਜਾ ਕੇ ਵੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹਿਆ ਜਾਵੇ, ਤਾਂ ਜੋ ਮਿੱਟੀ ਦੀ ਸਿਹਤ ਬਰਕਰਾਰ ਰਹੇ ਅਤੇ ਰਸਾਇਣਿਕ ਖਾਦਾਂ ਉੱਤੇ ਹੋਣ ਵਾਲੇ ਵਾਧੂ ਖਰਚੇ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਮਿੱਟੀ ਵਿੱਚ ਮੌਜੂਦ ਲਾਭਕਾਰੀ ਜੀਵਾਣੂ ਅਤੇ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਤੋਂ ਇਲਾਵਾ ਗਰਮੀ ਅਤੇ ਖੁਸ਼ਕ ਹਵਾ ਕਾਰਨ ਦਰੱਖਤਾਂ ਅਤੇ ਹੋਰ ਬਨਸਪਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ-ਸੁਥਰਾ ਮਾਹੌਲ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।


Comments

Leave a Reply

Your email address will not be published. Required fields are marked *

This site uses Akismet to reduce spam. Learn how your comment data is processed.