ਕੋਟਕਪੂਰਾ, 17 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦੇਸ਼ ਭਰ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਪੈਨਸ਼ਨਰ, ਕਿਸਾਨ, ਵਿਦਿਆਰਥੀ, ਨੌਜਵਾਨ ਅਤੇ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 20 ਮਈ ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਤਾਂ ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਹਾਲ ਦੀ ਘੜੀ ਮੁਲਤਵੀ ਕਰਕੇ 9 ਜੁਲਾਈ ਤੱਕ ਅੱਗੇ ਪਾ ਦਿੱਤੀ ਗਈ ਹੈ। ਇਸ ਦੇ ਨਾਲ ਹੀ 20 ਮਈ ਨੂੰ ਸਾਰੇ ਦੇਸ਼ ਵਿੱਚ ਹਰ ਪੱਧਰ ‘ਤੇ ਰੋਸ ਰੈਲੀਆਂ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਲੇ ਨੂੰ ਲਾਗੂ ਕਰਨ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਅਤੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ ਅਤੇ ਕਿਸਾਨ ਆਗੂ ਸ਼ਮਸ਼ੇਰ ਸਿੰਘ ਕਿੰਗਰਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਕੁਲਵੰਤ ਸਿੰਘ ਚਾਨੀ, ਬਲਵਿੰਦਰ ਰਾਮ ਸ਼ਰਮਾ, ਇੰਦਰਜੀਤ ਸਿੰਘ ਗਿੱਲ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਵੀਰਇੰਦਰਜੀਤ ਸਿੰਘ ਪੁਰੀ, ਬਲਕਾਰ ਸਿੰਘ ਸਹੋਤਾ, ਗੁਰਤੇਜ ਸਿੰਘ ਖਹਿਰਾ, ਸੁਖਮੰਦਰ ਸਿੰਘ ਗਿੱਲ, ਅਮਰਜੀਤ ਸਿੰਘ ਵਾਲੀਆ, ਕਿਸਾਨ ਆਗੂ ਸੁਖਜਿੰਦਰ ਸਿੰਘ ਤੂੰਬੜ ਭੰਨ, ਕਾਮਰੇਡ ਦਲੀਪ ਸਿੰਘ, ਗੁਰਮੀਤ ਸਿੰਘ ਨਵਾਂ ਕਿਲਾ, ਰਾਜਵੀਰ ਸਿੰਘ ਸੰਧਵਾਂ, ਸੁਖਦੀਪ ਸਿੰਘ ਘੁਗਿਆਣਾ, ਅਮਰਜੀਤ ਸਿੰਘ ਪੰਨੂ, ਬਲਵਿੰਦਰ ਸਿੰਘ ਧੂੜਕੋਟ, ਸਤਨਾਮ ਸਿੰਘ ਪੱਖੀ, ਸੁਰਜੀਤ ਸਿੰਘ ਹਰੀਏਵਾਲਾ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਅਤੇ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਹੁਕਮਰਾਨ ਸਰਕਾਰਾਂ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਸੰਘਰਸ਼ਾਂ ਨੂੰ ਕੁਚਲਣ ਦੇ ਕੁਰਾਹੇ ਪੈ ਗਈਆਂ ਹਨ। ਸਾਰੀਆਂ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਲਾਗੂ ਕਰਨਾ ਅਤੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕਿਰਤ ਕਾਨੂੰਨਾਂ ਦੀ ਰਾਖੀ ਕਰਨਾ ਸਰਕਾਰਾਂ ਦੇ ਏਜੰਡੇ ਤੇ ਨਹੀਂ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 20 ਮਈ ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਮਿਨੀ ਸਕੱਤਰੇਤ ਸਾਹਮਣੇ (ਜਾਮਣਾਂ ਹੇਠ) ਸਾਂਝੀ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ਦੇ ਪ੍ਰਬੰਧਾਂ ਲਈ ਵੱਖੋ ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਹ ਵੀ ਨਿਰਣਾ ਲਿਆ ਗਿਆ ਕਿ ਇਸ ਰੋਸ ਰੈਲੀ ਵਿੱਚ ਮੁਲਾਜ਼ਮਾਂ, ਮਜ਼ਦੂਰਾਂ, ਪੈਨਸ਼ਨਰਾਂ ਕਿਸਾਨਾਂ, ਵਿਦਿਆਰਥੀਆਂ ਤੇ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਉਣ ਲਈ ਲਾਮਬੰਦੀ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕ੍ਰਿਸ਼ਨ ਲਾਲ, ਸੋਮ ਨਾਥ ਅਰੋੜਾ, ਸੁਖਦਰਸ਼ਨ ਸਿੰਘ, ਸੁਖਵਿੰਦਰ ਸਿੰਘ ਗਿੱਲ, ਬਿਸ਼ਨ ਦਾਸ ਅਰੋੜਾ, ਸੁਖਦੇਵ ਸਿੰਘ ਬੀ ਪੀ ਈ ਓ, ਸੰਤ ਸਿੰਘ ਮੁੱਖ ਅਧਿਆਪਕ, ਮੋਹਨ ਸਿੰਘ, ਠਾਕੁਰ ਸਿੰਘ, ਦਰਸ਼ਨ ਸਿੰਘ ਸੋਹਣ ਸਿੰਘ ਅਜੀਜ, ਗੁਰਦੇਵ ਸਿੰਘ ਤੇ ਕਰਮਜੀਤ ਸਿੰਘ ਬੇਦੀ ਆਦਿ ਵੀ ਹਾਜ਼ਰ ਸਨ।