ਕੋਟਕਪੂਰਾ, 21 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇਕ ਵਾਰ ਫਿਰ ਸਰਚ ਆਪਰੇਸ਼ਨ ਦੌਰਾਨ 8 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸ਼ਿਕਾਇਤ ਭੇਜ ਕੇ 8 ਹਵਾਲਾਤੀਆਂ ਖ਼ਿਲਾਫ਼ ਜੇਲ੍ਹ ਐਕਟ ਅਧੀਨ ਕੇਸ ਦਰਜ ਕਰਵਾਇਆ ਗਿਆ ਹੈ। ਪੁਲਿਸ ਨੂੰ ਭੇਜੀ ਗਈ ਸ਼ਿਕਾਇਤ ਵਿੱਚ ਜੇਲ੍ਹ ਦੇ ਸਹਾਇਕ ਅਧੀਖਸ਼ ਕਮਲਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅਧੀਖਸ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਜੇਲ੍ਹ ਵਿੱਚ ਬੰਦ 8 ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ।
8 ਕੈਦੀਆਂ ਕੋਲੋਂ ਮੋਬਾਈਲ ਬਰਾਮਦ :- ਕਮਲਜੀਤ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਚੰਦ ਸਿੰਘ, ਸ੍ਰੀ ਅੰਮ੍ਰਿਤਸਰ ਦਾ ਹਰਵਿੰਦਰ ਸਿੰਘ, ਮੋਗਾ ਨਿਵਾਸੀ ਗੁਰਪ੍ਰੀਤ ਸਿੰਘ, ਸ੍ਰੀ ਅੰਮ੍ਰਿਤਸਰ ਸਾਹਿਬ ਦਾ ਅਮ੍ਰਿਤਪਾਲ ਸਿੰਘ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗਗਨਦੀਪ ਸਿੰਘ, ਤਰਨਤਾਰਨ ਦਾ ਗੁਰਪ੍ਰੀਤ ਸਿੰਘ ਉਰਫ਼ ਭੋਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦਾ ਮਹਿਕਦੀਪ ਸਿੰਘ ਅਤੇ ਹੋਸ਼ਿਆਰਪੁਰ ਦਾ ਮਹਿੰਦਰਪਾਲ ਸਿੰਘ ਕੋਲੋਂ ਇਕ-ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ।
ਪਹਿਲਾਂ ਵੀ ਹੋ ਚੁੱਕੀ ਹੈ ਮੋਬਾਈਲਾਂ ਦੀ ਬਰਾਮਦਗੀ :- ਇਸ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਪੁਲਿਸ ਵੱਲੋਂ ਇਨ੍ਹਾਂ 8 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਫਰੀਦਕੋਟ ਜੇਲ੍ਹ ਵਿੱਚੋਂ ਲਗਾਤਾਰ ਮੋਬਾਈਲ ਫੋਨ ਬਰਾਮਦ ਹੋ ਰਹੇ ਹਨ। ਕੁਝ ਦਿਨ ਪਹਿਲਾਂ ਵੀ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ 12 ਮੋਬਾਈਲ ਫੋਨ ਬਰਾਮਦ ਕੀਤੇ ਸਨ।
ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕਰੇਗੀ ਪੁਲਿਸ :- ਇਸ ਮਾਮਲੇ ਸਬੰਧੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਮੋਬਾਈਲ ਫੋਨ ਉਪਲਬਧ ਕਰਵਾਉਣ ਵਿੱਚ ਕਿਸੇ ਜੇਲ੍ਹ ਅਧਿਕਾਰੀ ਜਾਂ ਕਰਮਚਾਰੀ ਦੀ ਭੂਮਿਕਾ ਸਾਹਮਣੇ ਆਈ, ਤਾਂ ਉਸਨੂੰ ਵੀ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ।

