ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਬਜਾਏ ਝੂਠੇ ਪਰਚੇ ਦਰਜ ਕਰਕੇ ਜੇਲ੍ਹਾਂ ’ਚ ਬੰਦ ਕਰਨ ਦੇ ਲਾਏ ਦੋਸ਼
ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਯੂਥ ਕਾਂਗਰਸ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਬਾਹਰ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਸਬੰਧੀ ਪੋਸਟਰ ਲਗਾ ਕੇ ਸਰਕਾਰ ਨੂੰ ਤਿੱਖੇ ਸਵਾਲ ਪੁੱਛੇ ਗਏ। ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਇਸ ਮੌਕੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਮੁਕੇਸ਼ ਸੀਓ, ਇੰਚਾਰਜ ਗਗਨਦੀਪ ਜੌਲੀ, ਸੀਨੀਅਰ ਵਾਈਸ ਪ੍ਰੈਜ਼ੀਡੈਂਟ ਪੰਜਾਬ ਯੂਥ ਕਾਂਗਰਸ ਸੁਮੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਫ਼ਰੀਦਕੋਟ ਅਰਮਾਨ ਭੁੱਲਰ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਬੂਟਾ ਵਾਂਦਰ, ਹਲਕਾ ਪ੍ਰਧਾਨ ਫ਼ਰੀਦਕੋਟ ਸੁਖਜਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਕੋਟਕਪੂਰਾ ਰੁਪਿੰਦਰ ਸਿੰਘ ਸੋਨਾ ਮੌੜ, ਗੁਰਸ਼ਵਿੰਦਰ ਸਿੰਘ ਬਰਾੜ ਮਚਾਕੀ, ਗੁਰਪ੍ਰੀਤ ਸਿੰਘ ਗੋਪੀ ਪੱਕਾ, ਕੇਸ਼ਵ ਬੈਵਲ, ਮਹਿਤਾਬ ਸਿੰਘ ਸੰਧੂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਯੂਥ ਕਾਂਗਰਸ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੀ ਬਜਾਏ ਨੌਜਵਾਨਾਂ ਵਿਰੁੱਧ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚੋਣਾਂ ਸਮੇਂ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਦਾ ਜਵਾਬ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਰੁਜ਼ਗਾਰ, ਸਿੱਖਿਆ ਅਤੇ ਨਸ਼ਿਆਂ ਤੋਂ ਮੁਕਤੀ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਆਪਣੇ ਚੋਣ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ।

