*ਲਾਲ ਲਕੀਰ ਅੰਦਰ ਰਹਿੰਦੇ ਯੋਗ ਪਰਿਵਾਰਾਂ ਨੂੰ ਮਿਲੀ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ: ਤਰੁਨਪ੍ਰੀਤ ਸਿੰਘ ਸੌਂਦ*
*ਹਲਕਾ ਖੰਨਾ ਦੇ ਬਾਕੀ ਯੋਗ ਲਾਭਪਾਤਰੀਆਂ ਨੂੰ ਵੀ ਜਲਦ ਦਿੱਤੇ ਜਾਣਗੇ ਪ੍ਰਾਪਰਟੀ ਕਾਰਡ: ਮੰਤਰੀ ਸੌਂਦ*
ਖੰਨਾ (ਲੁਧਿਆਣਾ), 26 ਅਕਤੂਬਰ: (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਜਲਾਜਣ ਅਤੇ ਪਿੰਡ ਮਹੌਣ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਕੁੱਲ 383 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਇਸ ਮੌਕੇ ਪਿੰਡ ਜਲਾਜਣ ਦੇ 226 ਅਤੇ ਪਿੰਡ ਮਹੌਣ ਦੇ 157 ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਪਛਾਣ ਪ੍ਰਦਾਨ ਕੀਤੀ ਗਈ।
ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਕਿਹਾ ਕਿ ਜਿਨ੍ਹਾਂ ਘਰਾਂ ਵਿੱਚ ਪਰਿਵਾਰਾਂ ਦੀਆਂ ਕਈ ਪੀੜ੍ਹੀਆਂ ਰਹਿੰਦੀਆਂ ਆਈਆਂ ਹਨ, ਉਨ੍ਹਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮਿਲਣਾ ਪਰਿਵਾਰਾਂ ਲਈ ਭਰੋਸੇ ਅਤੇ ਤਸੱਲੀ ਦਾ ਅਹਿਮ ਪਲ ਹੈ। ਆਪਣਾ ਘਰ ਸਿਰਫ਼ ਇੱਟਾਂ ਅਤੇ ਕੰਧਾਂ ਦੀ ਉਸਾਰੀ ਨਹੀਂ ਹੁੰਦਾ, ਸਗੋਂ ਇਸ ਨਾਲ ਪਰਿਵਾਰ ਦੀ ਮਿਹਨਤ, ਯਾਦਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਜੁੜਿਆ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਈ ਪਰਿਵਾਰ ਪੀੜ੍ਹੀਆਂ ਤੋਂ ਲਾਲ ਲਕੀਰ ਅੰਦਰ ਆਪਣੇ ਘਰਾਂ ਵਿੱਚ ਰਹਿ ਰਹੇ ਹਨ, ਪਰ ਮਾਲਕੀ ਸਬੰਧੀ ਰਸਮੀ ਰਿਕਾਰਡ ਦੀ ਘਾਟ ਕਾਰਨ ਉਨ੍ਹਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ‘ਮੇਰਾ ਘਰ, ਮੇਰੇ ਨਾਮ’ ਸਕੀਮ ਅਜਿਹੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਪਛਾਣ ਮੁਹੱਈਆ ਕਰਵਾਉਣ ਲਈ ਅਹਿਮ ਉਪਰਾਲਾ ਹੈ।
ਸ੍ਰੀ ਸੌਂਦ ਨੇ ਕਿਹਾ ਕਿ ਘਰ ਦੀ ਮਾਲਕੀ ਸਬੰਧੀ ਰਿਕਾਰਡ ਸਪੱਸ਼ਟ ਹੋਣ ਨਾਲ ਪਰਿਵਾਰਾਂ ਨੂੰ ਆਪਣੇ ਮਕਾਨ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੀ ਯੋਜਨਾਬੰਦੀ ਕਰਨ ਵਿੱਚ ਵਧੇਰੇ ਭਰੋਸਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਹੈ।
ਕੈਬਨਿਟ ਮੰਤਰੀ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪ੍ਰਾਪਰਟੀ ਕਾਰਡ ਸੰਭਾਲ ਕੇ ਰੱਖਣ ਅਤੇ ਇਨ੍ਹਾਂ ਵਿੱਚ ਦਰਜ ਆਪਣੇ ਨਾਮ ਅਤੇ ਜਾਇਦਾਦ ਸਬੰਧੀ ਵੇਰਵਿਆਂ ਦੀ ਜਾਂਚ ਕਰਨ। ਜੇਕਰ ਕਿਸੇ ਵੇਰਵੇ ਵਿੱਚ ਕੋਈ ਗ਼ਲਤੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਨਿਯਮਾਂ ਅਨੁਸਾਰ ਦਰੁਸਤੀ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਹਲਕੇ ਦੇ ਬਾਕੀ ਯੋਗ ਲਾਭਪਾਤਰੀਆਂ ਨੂੰ ਵੀ ਜਲਦੀ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ, ਤਾਂ ਜੋ ਹਰ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਸਬੰਧੀ ਸਪੱਸ਼ਟ ਰਿਕਾਰਡ ਮਿਲ ਸਕੇ ਅਤੇ ਉਹ ਆਪਣੇ ਭਵਿੱਖ ਦੀ ਯੋਜਨਾਬੰਦੀ ਵਧੇਰੇ ਭਰੋਸੇ ਨਾਲ ਕਰ ਸਕਣ।
ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਬਲਾਕ ਸੰਮਤੀ ਖੰਨਾ ਚੇਅਰਮੈਨ ਲਖਵੀਰ ਸਿੰਘ ਗਿੱਲ, ਨੌਜਵਾਨ ਆਗੂ ਕਰਨ ਵਰਮਾ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀ, ਪਿੰਡ ਜਲਾਜਣ ਅਤੇ ਮਹੌਣ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

