*ਪਿੰਡਾਂ ਦੇ ਵਿਕਾਸ ਲਈ ਸਰਕਾਰ ਵਚਨਬੱਧ, ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ: ਤਰੁਨਪ੍ਰੀਤ ਸਿੰਘ ਸੌਂਦ*
*ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੀ ਸਾਡੀ ਪਹਿਲ: ਕੈਬਨਿਟ ਮੰਤਰੀ ਸੌਂਦ*
*ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਨੂੰ ਦਿੱਤੀ ਤਰਜੀਹ*
ਖੰਨਾ, ਲੁਧਿਆਣਾ, 1 ਅਗਸਤ :(ਵਰਲਡ ਪੰਜਾਬੀ ਟਾਈਮਜ਼)
ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਹਲਕਾ ਖੰਨਾ ਦੇ ਪਿੰਡ ਮਾਜਰਾ ਰਹੌਣ, ਸਹਿਬਪੁਰਾ, ਇਸਮੈਲਪੁਰ ਅਤੇ ਅਲੀਪੁਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤੇ। ਉਨ੍ਹਾਂ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਹਨਾਂ ਕਿਹਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਅਤੇ ਹਰ ਸਮੱਸਿਆ ਦੇ ਹੱਲ ਲਈ ਯਤਨਸ਼ੀਲ ਰਹਿਣਾ ਹੀ ਸਾਡੀ ਪਹਿਲ ਹੈ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਮਾਜਰਾ ਰਹੌਣ ਦੇ ਵਿਕਾਸ ਕਾਰਜਾਂ ਲਈ 21 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ। ਪਿੰਡ ਸਹਿਬਪੁਰਾ ਦੇ ਵਿਕਾਸ ਕਾਰਜਾਂ ਲਈ 23 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਵਿੱਚ 13 ਲੱਖ ਰੁਪਏ ਆਂਗਨਵਾੜੀ ਸੈਂਟਰ ਲਈ ਅਤੇ 10 ਲੱਖ ਰੁਪਏ ਛੱਪੜ ਅਤੇ ਗਲੀਆਂ ਨਾਲੀਆਂ ਦੇ ਵਿਕਾਸ ਲਈ ਦਿੱਤੇ ਜਾਣਗੇ। ਇਸੇ ਤਰ੍ਹਾਂ ਪਿੰਡ ਇਸਮੈਲਪੁਰ ਦੀ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਅਲੀਪੁਰ ਦੇ ਖੇਡ ਗਰਾਊਂਡ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਕਾਸ, ਇਮਾਨਦਾਰ ਸ਼ਾਸਨ ਅਤੇ ਲੋਕ ਹਿੱਤ ਦੀਆਂ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕਰੀਬ 69 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਹਨ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਿਹਤ ਕ੍ਰਾਂਤੀ ਤਹਿਤ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਗਈ ਹੈ, ਜਦਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਕਾਰਨ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਪਰਿਵਾਰਾਂ ਦੀ ਹਰ ਮਹੀਨੇ ਹਜ਼ਾਰਾਂ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਰਾਜ ਸਰਕਾਰ ਦੀ ਇੱਕ ਅਹਿਮ ਲੋਕ ਭਲਾਈ ਸਕੀਮ ਹੈ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ ਅਤੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਰਿਹਾ ਹੈ।
ਵਿਧਾਨ ਸਭਾ ਹਲਕਾ ਖੰਨਾ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿੰਨੇ ਵਿਕਾਸ ਕਾਰਜ ਹੋਏ ਹਨ, ਉਹ ਪਿਛਲੇ ਕਈ ਦਹਾਕਿਆਂ ਦੌਰਾਨ ਨਹੀਂ ਹੋ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਲਈ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕਾ ਖੰਨਾ ਦੀ ਤਰੱਕੀ, ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਵੱਧ ਸਮਰਪਣ ਨਾਲ ਕੰਮ ਕਰਦੇ ਰਹਿਣਗੇ।
