ਕਿਹਾ! ਹਲਕੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣਾ ਮੁੱਖ ਟੀਚਾ
ਮੁੜ ਭਰੋਸਾ ਜਤਾਉਣ ਲਈ ਪਾਰਟੀ ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਪਾਰਟੀ ਵੱਲੋਂ ਤੀਜੀ ਵਾਰ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਦੀ ਗੱਲ ਹੋਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਇਸ ਭਰੋਸੇ ’ਤੇ ਖਰਾ ਉਤਰਨ ਲਈ ਪਹਿਲਾਂ ਨਾਲੋਂ ਵੀ ਵੱਧ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨਗੇ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸਿੰਜਾਈ ਅਤੇ ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ-ਪੱਖੀ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਕੂਲ ਆਫ਼ ਐਮੀਨੈਂਸ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਖੇਤਾਂ ਦੇ ਆਖ਼ਰੀ ਸਿਰੇ ਤੱਕ ਨਹਿਰੀ ਪਾਣੀ ਪਹੁੰਚਾਉਣ ਵਰਗੀਆਂ ਪਹਿਲਕਦਮੀਆਂ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਵਿੱਚ ਵੀ ਸੜਕਾਂ, ਨਹਿਰਾਂ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ। ਲੰਬੇ ਸਮੇਂ ਤੋਂ ਲਟਕਦੀਆਂ ਲੋਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਪੀਕਰ ਸੰਧਵਾਂ ਨੇ ਦੱਸਿਆ ਕਿ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ’ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਪੀਣ ਵਾਲਾ ਪਾਣੀ, ਸਿਹਤ, ਸਿੱਖਿਆ, ਸਿੰਚਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਜਿਹੜੇ ਕੰਮ ਅਜੇ ਬਾਕੀ ਹਨ, ਉਨ੍ਹਾਂ ਨੂੰ ਵੀ ਤਰਜੀਹ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਉਹਨਾ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਕੇਂਦਰ ਬਿੰਦੂ ਹਮੇਸ਼ਾ ਕੋਟਕਪੂਰਾ ਦੇ ਲੋਕਾਂ ਦੀ ਸੇਵਾ ਅਤੇ ਹਲਕੇ ਦਾ ਵਿਕਾਸ ਰਿਹਾ ਹੈ। ਪਾਰਟੀ ਵੱਲੋਂ ਮੁੜ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਉਨ੍ਹਾਂ ਦਾ ਹੌਸਲਾ ਹੋਰ ਵਧਿਆ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਹਲਕੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

